post

Jasbeer Singh

(Chief Editor)

ਕੋਰ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਕਲੀਨ ਚਿੱਟ

post-img

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ। ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਗਰੋਂ ਕੋਰ ਕਮੇਟੀ ਦੀ ਇੱਥੇ ਕਰੀਬ ਛੇ ਘੰਟੇ ਚੱਲੀ ਮੀਟਿੰਗ ਵਿਚ ਚੋਣਾਂ ’ਚ ਪਾਰਟੀ ਦੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਰਚਾ ਕੀਤੀ ਗਈ। ਕੋਰ ਕਮੇਟੀ ਦੇ ਕਿਸੇ ਮੈਂਬਰ ਨੇ ਮੀਟਿੰਗ ਦੌਰਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ’ਤੇ ਕੋਈ ਸਵਾਲ ਖੜ੍ਹਾ ਨਹੀਂ ਕੀਤਾ ਬਲਕਿ ਉਨ੍ਹਾਂ ਦੀ ਅਗਵਾਈ ’ਤੇ ਪੂਰਾ ਭਰੋਸਾ ਪ੍ਰਗਟਾਇਆ। ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਦੇ ਮਾਮਲੇ ਵਿਚ ਇੱਕ ਤਰੀਕੇ ਨਾਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੀਟਿੰਗ ਵਿਚ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਸਭ ਨੇ ਚੁੱਪ ਵੱਟੀ ਰੱਖੀ। ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਸਮੁੱਚੀ ਰਣਨੀਤੀ ਤਿਆਰ ਕਰਨ ਲਈ ਅਤੇ ਭਵਿੱਖ ਦਾ ਏਜੰਡਾ ਤੈਅ ਕਰਨ ਵਾਸਤੇ ਪਾਰਟੀ ਆਗੂਆਂ ਤੋਂ ਵਿਅਕਤੀਗਤ ਅਤੇ ਸਮੂਹਿਕ ਤੌਰ ’ਤੇ ਸੁਝਾਅ ਲੈਣਗੇ। ਪਾਰਟੀ ਨੇ ਸਭਨਾਂ ਨੂੰ ਖੁੱਲ੍ਹੇ ਸੁਝਾਅ ਅਤੇ ਮਸ਼ਵਰੇ ਦੇਣ ਦਾ ਸੱਦਾ ਦਿੱਤਾ ਹੈ। ਚੋਣਾਂ ਦੌਰਾਨ ਸਾਹਮਣੇ ਆਏ ਮਾਮਲੇ ਵੀ ਪਾਰਟੀ ਪਲੈਟਫ਼ਾਰਮ ’ਤੇ ਰੱਖਣ ਲਈ ਕਿਹਾ ਹੈ। ਪਾਰਟੀ ਨੇ ਨਵੀਂ ਅਨੁਸ਼ਾਸਨੀ ਕਮੇਟੀ ਦੇ ਗਠਨ ਅਤੇ ਕਮੇਟੀ ਦੇ ਪਹਿਲੇ ਪ੍ਰਧਾਨ ਦੀ ਛੁੱਟੀ ਕਰਨ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ’ਚੋਂ ਢੀਂਡਸਾ ਤੇ ਮਲੂਕਾ ਰਹੇ ਗ਼ੈਰਹਾਜ਼ਰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ’ਚੋਂ ਅੱਜ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਪ੍ਰਕਾਸ਼ ਚੰਦ ਗਰਗ, ਪਰਮਜੀਤ ਸਿੰਘ ਸਰਨਾ, ਅਨੁਸ਼ਾਸਨੀ ਕਮੇਟੀ ਦੇ ਮੁਖੀ ਸਿਕੰਦਰ ਸਿੰਘ ਮਲੂਕਾ ਅਤੇ ਬਿਕਰਮ ਸਿੰਘ ਮਜੀਠੀਆ ਗ਼ੈਰਹਾਜ਼ਰ ਰਹੇ।

Related Post

Instagram