
ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਨਿਕਾਸੀ ਸਾਧਨਾਂ ਦੀ ਸਫਾਈ ਹੋਵੇ ਮੁਕੰਮਲ: ਰਾਜੇਸ਼ ਸ਼ਰਮਾ
- by Jasbeer Singh
- June 18, 2025

ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਨਿਕਾਸੀ ਸਾਧਨਾਂ ਦੀ ਸਫਾਈ ਹੋਵੇ ਮੁਕੰਮਲ: ਰਾਜੇਸ਼ ਸ਼ਰਮਾ ਐਸ.ਡੀ.ਐਮ. ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਿੜ੍ਹਬਾ, 18 ਜੂਨ : ਬਰਸਾਤੀ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪਾਣੀ ਦੇ ਸਾਰੇ ਨਿਕਾਸੀ ਸਾਧਨਾਂ ਦੀ ਸਾਫ ਸਫਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਸੰਭਾਵੀ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ । ਇਹ ਹਦਾਇਤਾਂ ਐਸ.ਡੀ.ਐਮ. ਰਾਜੇਸ਼ ਸ਼ਰਮਾ ਨੇ ਆਪਣੇ ਦਫਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਲੋਕ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀਆਂ। ਇਸ ਮੌਕੇ ਮਨਿੰਦਰ ਸਿੰਘ, ਪ੍ਰਧਾਨ ਨਗਰ ਪੰਚਾਇਤ ਵੀ ਹਾਜ਼ਰ ਸਨ। ਐੱਸ.ਡੀ.ਐਮ. ਨੇ ਕਿਹਾ ਕਿ ਅਕਸਰ ਪਾਣੀ ਦੇ ਨਿਕਾਸੀ ਸਾਧਨਾਂ ਵਿੱਚ ਉੱਗੀ ਘਾਹ-ਬੂਟੀ ਕਾਰਨ ਪਾਣੀ ਦੇ ਵਹਾਅ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਭਾਵੀ ਹੜ੍ਹਾਂ ਬਾਬਤ ਲੋਕਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਹੀ ਕੰਮ 'ਚ ਕੁਸ਼ਲਤਾ ਵੀ ਵਧਦੀ ਹੈ। ਅਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ ਆਦਿ ਸਮਾਨ ਦੀ ਅਗੇਤੇ ਤੌਰ ’ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੀਆਂ ਡਰੇਨੇਜ਼ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਐੱਸ.ਡੀ.ਐਮ. ਨੇ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਅਤ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈੱਸ ਸੈੱਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। ਬਰਸਾਤਾਂ ਦੇ ਮੌਸਮ 'ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖ਼ਤ ਕਰਨ ਅਤੇ ਸੜਕ ਟੁੱਟਣ ਦੀ ਸਥਿਤੀ ਵਿੱਚ ਜੇਕਰ ਸੜਕਾਂ ਦੀ ਆਵਾਜਾਈ ਵਿੱਚ ਕੋਈ ਰੁਕਾਵਟ ਪੈਂਦੀ ਹੈ ਤਾਂ ਤੁਰੰਤ ਉਸ ਨੂੰ ਚਾਲੂ ਕਰਵਾਇਆ ਜਾਵੇ ਅਤੇ ਜੇਕਰ ਹਨੇਰੀ ਕਾਰਨ ਕਿਸੇ ਸੜਕ 'ਤੇ ਦਰੱਖਤ ਆਦਿ ਡਿੱਗਦੇ ਹਨ ਤਾਂ ਉਸ ਸਬੰਧੀ ਫ਼ੌਰੀ ਲੋੜੀਂਦੀ ਕਾਰਵਾਈ ਕਰਦੇ ਹੋਏ ਸੜਕ ਤੋਂ ਦਰੱਖਤ ਆਦਿ ਚੁਕਵਾਏ ਜਾਣ । ਸ਼੍ਰੀ ਸ਼ਰਮਾ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ 'ਤੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾ ਕੇ ਚਾਲੂ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਚੰਦਰ ਪ੍ਰਕਾਸ਼ ਕਾਰਜ ਸਾਧਕ ਅਫਸਰ, ਪਰਦੀਪ ਸ਼ਾਰਦਾ ਬੀ.ਡੀ.ਪੀ.ਓ, ਗੁਰਪ੍ਰੀਤ ਸਿੰਘ ਐਸ.ਡੀ.ਓ. ਸੀਵਰੇਜ ਬੋਰਡ, ਚੇਤਨ ਗੁਪਤਾ ਐਸ.ਡੀ.ਓ. ਡਰੇਨੇਜ, ਏਕਮਜੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਦਿੜ੍ਹਬਾ, ਨਰਿੰਦਰਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਸੂਲਰ ਘਰਾਟ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.