
ਨਗਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਇਕ ਅਜੀਤਪਾਲ ਕੋਹਲੀ ਨਾਲ ਚਰਚਾ
- by Jasbeer Singh
- December 5, 2024

ਨਗਰ ਨਿਗਮ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਇਕ ਅਜੀਤਪਾਲ ਕੋਹਲੀ ਨਾਲ ਚਰਚਾ - ਪਟਿਆਲਾ ਨੂੰ ਨਮੂਨੇ ਦੇ ਸ਼ਹਿਰ ਵੱਜੋਂ ਵਿਕਸਤ ਕੀਤਾ ਜਾਏਗਾ : ਮੁੱਖ ਮੰਤਰੀ ਪਟਿਆਲਾ : ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਨਗਰ ਨਿਗਮ ਪਟਿਆਲਾ ਦੀ ਚੋਣ ਨੂੰ ਲੈ ਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਕ ਸਮਾਗਮ ਉਪਰੰਤ ਸਰਕਟ ਹਾਊਸ ਚ ਇਕੱਲਿਆਂ ਚਰਚਾ ਕੀਤੀ । ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕ ਕੋਹਲੀ ਤੋਂ ਪਟਿਆਲਾ ਦੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ ਅਤੇ ਹੋਰ ਹੋਣ ਵਾਲੇ ਕਮਾਂ ਬਾਰੇ ਗੱਲਬਾਤ ਕੀਤੀ । ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਦਾ ਜਿੱਥੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਹੁਣ ਤੱਕ ਪਟਿਆਲਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਹਨ, ਉਹ ਕਦੇ ਨਹੀਂ ਹੋਏ ਅਤੇ ਨਾਲ ਹੀ ਇਹ ਵੀ ਕਿਹਾ ਕਿ ਪੂਰੇ ਪਟਿਆਲਾ ਚ ਵਿਕਾਸ ਕਾਰਜ ਜਾਰੀ ਹਨ ਅਤੇ ਲੋਕ ਨਗਰ ਨਿਗਮ ਚੋਣਾਂ ਚ ਆਪ ਦੇ ਵਲੰਟੀਅਰਾਂ ਨੂੰ ਕੌਸਲਰ ਵਜੋਂ ਦੇਖਣ ਲਈ ਕਾਹਲੇ ਹਨ । ਸਾਰੀ ਜਾਣਕਾਰੀ ਹਾਸਿਲ ਕਰਨ ਉਪਰੰਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਸਾਨੂੰ ਭਰੋਸਾ ਹੈ ਕਿ ਅਸੀਂ ਇਨ੍ਹਾਂ ਚੋਣਾਂ ਵਿੱਚ ਵੀ ਵੱਡੀ ਲੀਡ ਹਾਸਿਲ ਕਰਾਂਗੇ । ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਨੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਧਾਇਆ ਹੈ । ਨਗਰ ਨਿਗਮ ਚੋਣਾਂ 'ਤੇ ਵੀ ਇਸ ਦਾ ਸਕਾਰਾਤਮਕ ਪ੍ਰਭਾਵ ਪਵੇਗਾ। ਮੁੱਖ ਮੰਤਰੀ ਨੇ ਵਿਧਾਇਕ ਅਜੀਤਪਾਲ ਕੋਹਲੀ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਲਈ ਜਦੋਂ ਮਰਜੀ, ਜਿਨ੍ਹਾਂ ਮਰਜੀ ਫੰਡ ਲੋੜ ਹੋਵੇ ਮੰਗ ਸਕਦੇ ਹਨ । ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ, ਇਸ ਕਰਕੇ ਆਮ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੋਣੇ ਚਾਹੀਦੇ ਹਨ । ਮੁੱਖ ਮੰਤਰੀ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਜਦਕਿ ਇਸ ਪਰਿਵਾਰ ਨੇ ਜਿੱਤ ਕੇ ਕਦੇ ਵੀ ਪਟਿਆਲਾ ਦੇ ਲੋਕਾਂ ਨੂੰ ਸ਼ਕਲ ਨਹੀਂ ਵਿਖਾਈ । ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ ।