

ਪੰਜਾਬ : ਪੰਜਾਬ ਵਿੱਚ ਡੀਏਪੀ ਖਾਦ ਦੇ ਨਮੂਨੇ ਫੇਲ ਹੋਣ ਦੇ ਮਾਮਲੇ ਵਿੱਚ ਸਰਕਾਰ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ ਹੈ। ਹਾਲਾਂਕਿ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਲਾਇਸੈਂਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ। ਇਹ ਕਾਰਵਾਈ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਪੰਚਾਇਤੀ ਚੋਣਾਂ ਵੀ ਆਉਂਦੇ ਮਹੀਨਿਆਂ ਵਿੱਚ ਹੋਣੀਆਂ ਹਨ। ਇਸ ਬਹਾਨੇ ਸਰਕਾਰ ਸਿੱਧੇ ਕਿਸਾਨਾਂ ਨਾਲ ਜੁੜਨਾ ਚਾਹੁੰਦੀ ਹੈ।ਮੁੱਖ ਮੰਤਰੀ ਦਫ਼ਤਰ ਤੋਂ ਇਹ ਫਾਈਲ ਮਿਲਣ ਤੋਂ ਬਾਅਦ ਖੇਤੀਬਾੜੀ ਵਿਭਾਗ ਵੀ ਸਰਗਰਮ ਹੋ ਗਿਆ ਹੈ। ਖੇਤੀਬਾੜੀ ਮੰਤਰੀ ਨੇ ਇਸ ਮਾਮਲੇ ਵਿੱਚ ਕਾਰਵਾਈ ਲਈ ਐਡਵੋਕੇਟ ਜਨਰਲ ਅਤੇ ਕਾਨੂੰਨੀ ਮਾਹਿਰਾਂ ਤੋਂ ਰਾਏ ਲਈ ਹੈ। ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਫਰਟੀਲਾਈਜ਼ਰ ਕੰਟਰੋਲ ਆਰਡਰ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਡੀਏਪੀ ਖਾਦ ਦੇ ਨਮੂਨੇ ਫੇਲ੍ਹ ਹੋਣ ਸਬੰਧੀ ਕੇਂਦਰ ਸਰਕਾਰ ਨੂੰ ਸੂਚਿਤ ਕਰ ਦਿੱਤਾ ਹੈ।