
ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਪ
- by Jasbeer Singh
- December 9, 2024

ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਪ੍ਰੀਤੀ ਯਾਦਵ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ -ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ-ਡਿਪਟੀ ਕਮਿਸ਼ਨਰ -ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਪਟਿਆਲਾ, 9 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ । ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਚੋਣਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ ਅਤੇ ਚੋਣ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ । ਉਨ੍ਹਾਂ ਨੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ । ਉਨ੍ਹਾਂ ਨੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜਾਬਤੇ ਦੀ ਕਿਸੇ ਵੀ ਰੂਪ ਵਿੱਚ ਉਲੰਘਣਾ ਨਾ ਕਰਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਚੋਣਾਂ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ । ਉਨ੍ਹਾਂ ਨੇ ਇਸ ਮੌਕੇ ਇਨ੍ਹਾਂ ਚੋਣਾਂ ਲਈ ਸੁਰੱਖਿਆ, ਸਟਰਾਂਗ ਰੂਮ, ਚੋਣ ਸਮੱਗਰੀ, ਚੋਣ ਅਮਲੇ ਦੀ ਟ੍ਰੇਨਿੰਗ ਤੇ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਚਰਚਾ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ । ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ. ਵੀ. ਐਮਜ਼. ਜ਼ਰੀਏ ਪੈਣਗੀਆਂ ਤੇ ਚੋਣਾਂ ਲਈ ਲੋੜੀਂਦੀਆਂ ਈ. ਵੀ. ਐਮਜ਼.ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਧਾਰ ਮਿਤੀ 1 ਨਵੰਬਰ 2024 ਦੇ ਮੱਦੇਨਜ਼ਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਮਗਰੋਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਚੁੱਕੀ ਹੈ । ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਮਿਉਂਸਪਲ ਚੋਣਾਂ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ ਨਗਰ ਨਿਗਮ ਲਈ 4,00,000 ਰੁਪਏ, ਨਗਰ ਕੌਂਸਲ ਕਲਾਸ 1 ਲਈ 3,60,000 ਰੁਪਏ, ਨਗਰ ਕੌਂਸਲ ਕਲਾਸ 2 ਲਈ 2,30,000 ਰੁਪਏ ਅਤੇ ਨਗਰ ਕੌਂਸਲ ਕਲਾਸ 3 ਲਈ 2,00,000 ਰੁਪਏ ਨੋਟੀਫਾਈ ਕੀਤੀ ਗਈ ਹੈ। ਨਗਰ ਪੰਚਾਇਤ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 1,40,000 ਰੁਪਏ ਨੋਟੀਫਾਈ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਨਾਮਜ਼ਦਗੀ ਫਾਰਮ 20 ਅਤੇ ਹਲਫ਼ੀਆ ਬਿਆਨ ਦਾ ਨਮੂਨਾ ਕਮਿਸ਼ਨ ਵੱਲੋਂ ਆਪਣੀ ਵੈੱਬਸਾਈਟ sec.punjab.gov.in 'ਤੇ ਡਾਊਨਲੋਡ ਕਰਨ ਲਈ ਉਪਲਬਧ ਕਰਾਇਆ ਗਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.