
ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ
- by Jasbeer Singh
- January 16, 2025

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ ਪਟਿਆਲਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਵਾਅਦਾਖਿਲਾਫੀ ਯਾਦ ਦਿਵਾਉਂਦੇ ਹੋਏ ਖੂਨ ਨਾਲ ਛਿੱਠੀਆਂ ਲਿਖੀਆਂ। ਇਨ੍ਹਾਂ ਪੱਤਰਾਂ ਵਿੱਚ, ਉਨ੍ਹਾਂ ਨੇ ਸਰਕਾਰ ‘ਤੇ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਅਣਦੇਖੀ ਕਰਨ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ । ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ 138ਵੇਂ ਦਿਨ ਵਿੱਚ ਦਾਖਲ ਹੋ ਗਈ ਹੈ । ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਜਸਪਾਲ ਅਤੇ ਅੰਦੋਲਨਕਾਰੀਆਂ ਦੀ ਅਗਵਾਈ ਕਰ ਰਹੇ ਹੋਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਮੁਲਾਕਾਤ ਕਰਨ ਦੀ ਖੇਚਲ ਨਹੀਂ ਕੀਤੀ । ਕੰਪਿਊਟਰ ਅਧਿਆਪਕ ਸਾਥੀ ਕਾਮਰੇਡ ਰਣਜੀਤ ਸਿੰਘ ਦਾ ਵਰਤ 14ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਅਤੇ ਉਨ੍ਹਾਂ ਦੀ ਸਿਹਤ ਦਿਨੋ ਦਿਨ ਵਿਗੜਦੀ ਜਾ ਰਹੀ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਪਹਿਲ ਨਹੀਂ ਕੀਤੀ ਗਈ ਹੈ । ਮੁੱਖ ਮੰਤਰੀ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ 50 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਆਪਣੇ ਖੂਨ ਨਾਲ ਲਿਖੇ ਪੱਤਰ ਭੇਜੇ ਹਨ । ਇਨ੍ਹਾਂ ਪੱਤਰਾਂ ਰਾਹੀਂ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ । ਅੰਦੋਲਨਕਾਰੀ ਆਗੂਆਂ ਨੇ ਕਿਹਾ ਕਿ ਇਹ ਪੱਤਰ ਨਾ ਸਿਰਫ਼ ਮੁੱਖ ਮੰਤਰੀ ਨੂੰ ਭੇਜੇ ਗਏ ਹਨ, ਸਗੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਵੀ ਸੌਂਪੇ ਜਾਣਗੇ । ਦਿੱਲੀ ਵਿੱਚ ਆਉਣ ਵਾਲੇ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਕੰਪਿਊਟਰ ਅਧਿਆਪਕ ਵੱਲੋਂ 22 ਜਨਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ । ਉਹ ਦਿੱਲੀ ਦੇ ਲੋਕਾਂ ਨੂੰ ਦੱਸਣਗੇ ਕਿ ਕਿਵੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਖਿਲਾਫੀ ਕਰਦੇ ਹੋਏ ਉਨ੍ਹਾਂ ਦੇ ਅਧਿਕਾਰਾਂ ਘਾਣ ਕੀਤਾ ਹੈ । 50 ਤੋਂ ਵੱਧ ਮੀਟਿੰਗਾਂ ਦਾ ਸਿੱਟਾ ਰਿਹਾ ‘ਸਿਫਰ’ ਅਧਿਆਪਕਾਂ ਨੇ ਸਰਕਾਰ ‘ਤੇ ਵਾਅਦਾ ਤੋੜਨ ਅਤੇ ਧੋਖੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਰੋੜਾ ਨਾਲ 50 ਤੋਂ ਵੱਧ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ । ਅਧਿਆਪਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਮੀਟਿੰਗਾਂ ਸਰਫ ਡੰਗ ਟਪਾਊ ਹੀ ਸਾਬਿਤ ਹੋਈਆਂ ਹਨ ਅਤੇ ਇਨ੍ਹਾਂ ਦਾ ਨਤੀਜਾ ਸਿਫਰ ਰਿਹਾ ਹੈ । ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਹੁਣ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ । ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ ਨਾਲ ਹੀ, ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਦੀ ਉਲੰਘਣਾ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ।
Related Post
Popular News
Hot Categories
Subscribe To Our Newsletter
No spam, notifications only about new products, updates.