
ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਬਾਰੇ ਸਲਾਹ-ਮਸ਼ਵਰਾ ਮੀਟਿੰਗ
- by Jasbeer Singh
- December 26, 2024

ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੇ ਵਰਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਬਾਰੇ ਸਲਾਹ-ਮਸ਼ਵਰਾ ਮੀਟਿੰਗ -ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਉਤੇ ਜ਼ੋਰ ਪਟਿਆਲਾ, 26 ਦਸੰਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਪਟਿਆਲਾ ਵੱਲੋਂ ਜ਼ਿਲ੍ਹੇ ਅੰਦਰ ਇੱਕ ਵਾਰ ਵਰਤੋਂ ਕੀਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਰੋਕਣ ਲਈ ਮੈਰਿਜ ਪੈਲੇਸ ਐਸੋਸੀਏਸ਼ਨ ਅਤੇ ਕੈਟਰਿੰਗ ਐਸੋਸੀਏਸ਼ਨ ਦੇ ਪ੍ਰਧਾਨਾਂ ਅਤੇ ਮੈਂਬਰਾਂ ਨਾਲ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਣ ਇੰਜੀਨੀਅਰ ਇੰਜ. ਗੁਰਕਰਨ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਪਟਿਆਲਾ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਇਸ ਸਬੰਧੀ ਜਾਗਰੂਕਤਾ ਫੈਲਾਉਣ ਲਈ ਰਣਨੀਤੀ ਤਿਆਰ ਕਰਨਾ ਸੀ । ਇਸ ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਵਾਤਾਵਰਣ ਅਤੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਦਾਹ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵਿਆਹ ਸਮਾਰੋਹਾਂ ਅਤੇ ਹੋਰ ਸਮਾਜਿਕ ਸਮਾਗਮਾਂ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਇਸਦੇ ਬਦਲੇ ਵਜੋਂ ਵਾਤਾਵਰਣ-ਅਨੁਕੂਲ ਵਿਕਲਪਾਂ ਦੀ ਵਰਤੋਂ ਦੀ ਸਿਫਾਰਸ਼ ਕੀਤੀ ਗਈ । ਇਸ ਮੌਕੇ ’ਤੇ ਸਥਾਨਕ ਵਪਾਰਕ ਅਤੇ ਸਮਾਜਿਕ ਸੰਗਠਨਾਂ ਨੂੰ ਵਾਤਾਵਰਣ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ। ਮੀਟਿੰਗ ਵਿੱਚ ਮੌਜੂਦ ਰਹੇ ਮੈਰਿਜ ਪੈਲੇਸ ਅਤੇ ਕੈਟਰਿੰਗ ਐਸੋਸੀਏਸ਼ਨਾਂ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ।