post

Jasbeer Singh

(Chief Editor)

Patiala News

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪੰਜ ਸਾਈਕਲਿਸਟਾਂ ਦਾ ਸਨਮਾਨ

post-img

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਪੰਜ ਸਾਈਕਲਿਸਟਾਂ ਦਾ ਸਨਮਾਨ

ਪਟਿਆਲਾ, 25 ਮਈ 2026 : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ। ਇਹਨਾਂ ਖਿਡਾਰੀਆਂ ਨੂੰ ਐਵਾਰਡ ਮਿਲਣ ਤੋਂ ਬਾਅਦ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿੱਚ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਸਾਈਕਲਿਸਟਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਉਹਨਾਂ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਉਹਨਾਂ ਦੱਸਿਆ ਕਿ ਸਾਈਕਲਿੰਗ ਖੇਡ ਵਿੱਚ ਜਿਨ੍ਹਾਂ 5 ਖਿਡਾਰੀਆਂ ਨੂੰ ਇਹ ਸਨਮਾਨ ਮਿਲਿਆ, ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰ ਰਹੇ ਹਨ । ਇਸ ਮੌਕੇ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹਨਾਂ 5 ਸਾਈਕਲਿਸਟਾਂ ਨੇ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ, ਇਸ ਤੋਂ ਇਲਾਵਾ ਇਹਨਾਂ ਸਾਈਕਲਿਸਟਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਅਤੇ ਏਸ਼ੀਆ ਕੱਪ ਵਿੱਚ ਅਨੇਕਾਂ ਤਗਮੇ ਭਾਰਤ ਅਤੇ ਪੰਜਾਬ ਲਈ ਜਿੱਤੇ ਹਨ ।

ਉਹਨਾਂ ਦੱਸਿਆ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਟੈਲੈਂਟ ਦੀ ਕੋਈ ਕਮੀ ਨਹੀਂ ਹੈ ਲੋੜ ਸਿਰਫ ਟੈਲੈਂਟ ਨੂੰ ਪਹਿਚਾਣ ਕੇ ਸਹੀ ਰਸਤਾ ਦਿਖਾਉਣ ਦੀ ਹੈ, ਪਿਛਲੇ ਦਿਨਾਂ ਵਿੱਚ ਪੰਜਾਬ ਭਰ ਤੋਂ ਸਾਰੇ ਕੋਚ ਸਾਹਿਬਾਨਾਂ ਨਾਲ ਬੈਠਕ ਕਰ ਕੇ ਇਹ ਵਿਚਾਰ ਕੀਤੀ ਗਈ ਕਿ ਨਵੇਂ ਖਿਡਾਰੀਆਂ ਨੂੰ ਕਿਸ ਤਰ੍ਹਾਂ ਸਾਈਕਲਿੰਗ ਖੇਡ ਨਾਲ ਜੋੜਨਾ ਹੈ। ਉਹਨਾਂ ਦੱਸਿਆ ਕਿ ਸਾਈਕਲਿੰਗ ਖੇਡ ਵਿੱਚ ਨੌਜਵਾਨਾਂ ਦਾ ਭਵਿੱਖ ਸੁਰੱਖਿਤ ਹੈ ਕਿਉਂਕਿ ਸਾਈਕਲਿੰਗ ਖੇਡ ਭਾਰਤੀ ਓਲੰਪਿਕ ਐਸੋਸੀਏਸ਼ਨ, ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਮਾਨਤਾ ਪ੍ਰਾਪਤ ਹੈ । 

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵੱਧ ਤੋਂ ਵੱਧ ਮਿਹਨਤ ਕਰ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ । ਸਾਈਕਲਿੰਗ ਖੇਡ ਨੂੰ ਲੈ ਕੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਸੁਖਜਿੰਦਰ ਸਿੰਘ, ਬੀ.ਐਸ. ਸੂਦਨ, ਮਨੀਸ਼ ਸਾਹਨੀ, ਨੀਰਜ ਸਾਹਨੀ, ਸਰਪ੍ਰੀਤ ਸਿੰਘ, ਰਜੇਸ਼ ਕੁਮਾਰ, ਰਾਜਕੁਮਾਰ, ਮਨਜੀਤ ਸਿੰਘ, ਅਮਨਪ੍ਰੀਤ ਸਿੰਘ, ਬਲਜੀਤ ਸਿੰਘ ਸੇਖੋ ਅਤੇ ਵੱਡੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।

Related Post

Instagram