ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰੋਜ਼ਾਨਾ 3500 ਸ਼ਰਧਾਲੂ ਭੇਜਣ ਦਾ ਫ਼ੈਸਲਾ
- by Aaksh News
- May 21, 2024
ਇਸ ਵਰ੍ਹੇ 22 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਇਹ ਫੈਸਲਾ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕਰਨ ਤੋਂ ਬਾਅਦ ਕੀਤਾ ਗਿਆ। ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਜ਼ਿਲ੍ਹਾ ਅਧਿਕਾਰੀ ਹਿਮਾਂਸ਼ੂ ਖੁਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਗੁਰਦੁਆਰਾ ਟਰੱਸਟ ਦੇ ਪ੍ਰਬੰਧਕਾਂ ਨੇ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਤੱਕ ਦਾ ਲਗਪਗ 19 ਕਿਲੋਮੀਟਰ ਲੰਬੇ ਪੈਦਲ ਮਾਰਗ ਦਾ ਨਿਰੀਖਣ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਜ਼ਮੀਨੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਤਰਾਖੰਡ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਵੱਲੋਂ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਗਿਣਤੀ ਨਿਰਧਾਰਿਤ ਕੀਤੀ ਗਈ ਹੈ ਜੋ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਵਾਸਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਵਿੱਚ ਉੱਥੇ ਕਾਫੀ ਬਰਫ਼ ਹੈ ਅਤੇ ਬਰਫ਼ ਪਿਘਲਣ ਤੋਂ ਬਾਅਦ ਯਾਤਰੀਆਂ ਦੀ ਗਿਣਤੀ ਬਾਰੇ ਮੁੜ ਵਿਚਾਰ ਕੀਤਾ ਜਾਵੇਗਾ। ਇਸੇ ਦੇ ਮੱਦੇਨਜ਼ਰ ਬਜ਼ੁਰਗ ਅਤੇ ਬੱਚਿਆਂ ਨੂੰ ਵੀ ਫਿਲਹਾਲ 15 ਦਿਨ ਯਾਤਰਾ ਨਾ ਕਰਨ ਦਾ ਸੁਝਾਅ ਦਿੱਤਾ ਗਿਆ। ਸ੍ਰੀ ਬਿੰਦਰਾ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੀ ਸ਼ੁਰੂਆਤ 22 ਮਈ ਨੂੰ ਹੋਵੇਗੀ। ਇਸ ਸਬੰਧੀ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ, ਜਿਸ ਨੂੰ ਸੂਬੇ ਦੇ ਰਾਜਪਾਲ ਅਤੇ ਸੰਤ ਸਮਾਜ ਵੱਲੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਸੰਗਤ ਵਾਸਤੇ ਖੋਲ੍ਹ ਦਿੱਤੇ ਜਾਣਗੇ। 25 ਮਈ ਨੂੰ ਸਿੱਖ ਮਰਿਆਦਾ ਦੇ ਮੁਤਾਬਕ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ ਪਹਿਲੀ ਅਰਦਾਸ ਹੋਵੇਗੀ। ਸ੍ਰੀ ਬਿੰਦਰਾ ਨੇ ਦੱਸਿਆ ਕਿ ਇਸ ਯਾਤਰਾ ਵਾਸਤੇ ਆਉਣ ਵਾਲੇ ਹਰੇਕ ਯਾਤਰੀ ਨੂੰ ਸਰਕਾਰ ਦੇ ਕੋਲ ਆਨਲਾਈਨ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ। ਇਹ ਵਿਵਸਥਾ ਸ਼ਰਧਾਲੂਆਂ ਦੀ ਸੁਵਿਧਾ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.