July 6, 2024 01:51:21
post

Jasbeer Singh

(Chief Editor)

Patiala News

ਦੇਧਨਾ ਵਾਸੀਆਂ ਵੱਲੋਂ ਨਸ਼ਾ ਤਸਕਰਾਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

post-img

ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋਏ ਦੇਧਨਾ ਵਾਸੀਆਂ ਨੇ ਕਿਸਾਨ ਆਗੂ ਗੁਰਵਿੰਦਰ ਸਿੰਘ ਗੁਰੀ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਕਿਸਾਨ ਆਗੂ ਗੁਰਵਿੰਦਰ ਸਿੰਘ ਗੁਰੀ ਤੇ ਪਿੰਡ ਦੇਧਨਾ ਦੇ ਲੋਕਾਂ ਨੇ ਕਿਹਾ ਕਿ ਜਿਸ ਤਰ੍ਹਾਂ ਘੱਗਾ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ ਹੋਈ ਹੈ, ਉਸ ਤਰ੍ਹਾਂ ਇਲਾਕੇ ਵਿੱਚ ਹੋਰ ਕਈ ਨੌਜਵਾਨਾਂ ਦੀ ਨਸ਼ਿਆਂ ਨਾਲ ਮੌਤ ਹੋ ਚੁੱਕੀ ਹੈ। ਪਿੰਡ ਵਿੱਚੋਂ ਨਸ਼ਿਆਂ ਦਾ ਕਾਰੋਬਾਰ ਬੰਦ ਕਰਵਾਉਣ ਲਈ ਦੋ ਸਾਲਾਂ ਤੋਂ ਵਿੱਡੀ ਮਹਿੰਮ ਤਹਿਤ ਨਸ਼ਾ ਲੈਣ ਆਉਂਦੇ ਬਹੁਤੇ ਨੌਜਵਾਨਾਂ ਨੂੰ ਕਾਬੂ ਕਰਵਾਇਆ ਜਾ ਚੁੱਕਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਕ ਤੇ ਹੋਰ ਪੁਲੀਸ ਅਧਿਕਾਰੀ ਨਸ਼ਾ ਤਸਕਰੀ ਬੰਦ ਕਰਾਵਉਣ ਦੇ ਦਾਅਵੇ ਕਰਦੇ ਹਨ। ਪੁਲੀਸ ਵੱਲੋਂ ਕੁੱਝ ਕੁ ਜਣਿਆਂ ਖ਼ਿਲਾਫ਼ ਕਾਰਵਾਈ ਦੇ ਬਾਵਜੂਦ ਨਸ਼ੇ ਦਾ ਧੰਦਾ ਜਿਉਂ ਦਾ ਤਿਉਂ ਚੱਲ ਰਿਹਾ ਹੈ। ਪਿੰਡ ਵਿਚਲੀ ਇਕ ਬਰਾਦਰੀ ਦੇ ਕੁੱਝ ਲੋਕ ਸ਼ਰੇਆਮ ਨਸ਼ਿਆਂ ਦੀ ਸਪਲਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀ ਇਕ ਮਹਿਲਾ ਖ਼ਿਲਾਫ਼ ਹੁਣ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਛੇਵਾਂ ਕੇਸ ਦਰਜ ਹੋਇਆ ਹੈ। ਇਸ ਤੋਂ ਇਲਾਵਾ ਕੁੱਝ ਹੋਰ ਜ਼ਮਾਨਤ ’ਤੇ ਆ ਕੇ ਫਿਰ ਨਸ਼ਾ ਤਸਕਰੀ ਕਰ ਰਹੇ ਹਨ। ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਵਿੱਚ ਕਮੇਟੀਆਂ ਬਣਾ ਕੇ ਨਸ਼ਿਆਂ ਦੀ ਚੇਨ ਨੂੰ ਤੋੜਿਆ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜਨ ਲਈ ਉਨ੍ਹਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ ਵਧੀਆ ਹਸਪਤਾਲਾਂ ਵਿੱਚ ਮੁਫ਼ਤ ਕਰਵਾਇਆ ਜਾਵੇ। ਲੋਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Related Post