ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਚੋਣਾਂ ’ਚ ਨਮੋਸ਼ੀ ਭਰੀ ਹਾਰ ਮਗਰੋਂ ਬਗਾਵਤੀ ਸੁਰ ਉੱਠਣ ਲੱਗੇ ਹਨ। ਪਹਿਲੀ ਵਾਰ ਹੈ ਕਿ ਪਾਰਟੀ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅੰਦਰ ਬਹੁਤੇ ਨੇਤਾ ਹੁਣ ਘੁਟਣ ਮਹਿਸੂਸ ਕਰਨ ਲੱਗੇ ਹਨ ਜਿਹੜੇ ਉਂਗਲ ਚੁੱਕਣ ਲਈ ਢੁਕਵੇਂ ਮੌਕੇ ਦੀ ਤਲਾਸ਼ ਵਿਚ ਹਨ। ਪੰਜਾਬ ਵਿਧਾਨ ਸਭਾ ਵਿਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਪਾਰਟੀ ਦੀ ਮੌਜੂਦਾ ਸਥਿਤੀ ’ਤੇ ਫ਼ਿਕਰ ਜ਼ਾਹਰ ਕਰਦਿਆਂ ਖ਼ਾਮੋਸ਼ ਰਹਿਣ ਦਾ ਫ਼ੈਸਲਾ ਕੀਤਾ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਚੋਣ ਵੇਲੇ ਵੀ ਇਯਾਲੀ ਨੇ ਰੋਸ ਜਤਾਇਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਚੋਣਾਂ ਵਿੱਚ ਕਾਰਗੁਜ਼ਾਰੀ ਨਮੋਸ਼ੀਜਨਕ ਹੈ। ਢੀਂਡਸਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹੈ ਅਤੇ ਪਾਰਟੀ ਪ੍ਰਧਾਨ ਨੂੰ ਜਨਤਕ ਤੌਰ ’ਤੇ ਹਾਰ ਕਬੂਲ ਕਰਨੀ ਚਾਹੀਦੀ ਹੈ। ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਨਮੋਸ਼ੀਜਨਕ ਪ੍ਰਦਰਸ਼ਨ ਨੂੰ ਲੈ ਕੇ ਦਲ ਦੇ ਸਾਬਕਾ ਲੋਕ ਸਭਾ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਸੁਖਬੀਰ ਸਿੰਘ ਬਾਦਲ ਨੂੰ ਇਖ਼ਲਾਕੀ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਲਗਾਤਾਰ ਸੱਤ ਸਾਲਾਂ ਤੋਂ ਪਾਰਟੀ ਦਾ ਗ਼ਰਾਫ਼ ਲਗਾਤਾਰ ਹੇਠਾਂ ਖਿਸਕਦਾ ਜਾ ਰਿਹਾ ਹੈ ਅਤੇ ਇਨ੍ਹਾਂ ਚੋਣਾਂ ’ਚ ਤਾਂ ਪਾਰਟੀ ਦੀ ਵੋਟ ਪ੍ਰਤੀਸ਼ਤਤਾ ’ਚ ਇੰਨਾ ਨਿਘਾਰ ਆਇਆ ਕਿ ਦਸ ਸੀਟਾਂ ’ਤੇ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਬਠਿੰਡਾ ਸੀਟ ਵੀ ਇਸੇ ਲਈ ਜਿੱਤੀ ਜਾ ਸਕੀ ਕਿਉਂਕਿ ਇੱਥੇ ਬਾਦਲ ਦਾ ਪਰਿਵਾਰਕ ਮੈਂਬਰ ਉਮੀਦਵਾਰ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਸਾਫ਼ ਕੀਤਾ ਹੈ ਕਿ ਹੁਣ ਉਹ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ। ਉਨ੍ਹਾਂ ਝੂੰਦਾਂ ਕਮੇਟੀ ਰਿਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਇਹ ਰਿਪੋਰਟ ਲਾਗੂ ਨਹੀਂ ਹੁੰਦੀ ਉਦੋਂ ਤੱਕ ਉਹ ਪਾਰਟੀ ਦੀ ਕਿਸੇ ਵੀ ਗਤੀਵਿਧੀ ’ਚ ਸ਼ਾਮਲ ਨਹੀਂ ਹੋਣਗੇ। ਇਯਾਲੀ ਨੇ ਫੇਸਬੁੱਕ ’ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਾਂਮੱਤਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ’ਚ ਪਾਰਟੀ ਆਗੂਆਂ ਵੱਲੋਂ ਲਏ ਗਏ ਫੈਸਲਿਆਂ ਕਾਰਨ ਅਕਾਲੀ ਦਲ ’ਚ ਵੱਡੀ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਤੇ ਮੌਜੂਦਾ ਸਮੇਂ ਪੰਜਾਬ ’ਚ ਚੱਲ ਰਹੀ ਪੰਥਕ ਸੋਚ ਪਛਾਨਣ ’ਚ ਅਸਫਲ ਰਹੀ ਹੈ। ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ 2022 ਦੀਆਂ ਚੋਣਾਂ ਵਿੱਚ ਸਿਰਫ਼ ਤਿੰਨ ਸੀਟਾਂ ਹਾਸਲ ਹੋਈਆਂ ਸਨ ਤਾਂ ਉਸ ਵਕਤ ਪਾਰਟੀ ਨੇ ਸਮੀਖਿਆ ਲਈ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੀ ਰਿਪੋਰਟ ਆ ਗਈ ਸੀ ਜਿਸ ਨੂੰ ਪਾਰਟੀ ਆਗੂਆਂ ਨੇ ਜਨਤਕ ਕਰਨ ਦੀ ਗੱਲ ਆਖੀ ਸੀ ਜੋ ਹੁਣ ਤਕ ਜਨਤਕ ਨਹੀਂ ਹੋਈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.