ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹੋਣਹਾਰ ਵਿਦਿਆਰਥੀਆਂ ਨੂੰ ਵੰਡੀਆਂ ਇਨਾਮ ਵਜੋਂ ਸਾਈਕਲਾਂ
- by Jasbeer Singh
- January 10, 2026
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹੋਣਹਾਰ ਵਿਦਿਆਰਥੀਆਂ ਨੂੰ ਵੰਡੀਆਂ ਇਨਾਮ ਵਜੋਂ ਸਾਈਕਲਾਂ ਸਿੱਖਿਆ ਨਾਲ ਹੀ ਸਮਾਜਿਕ ਬਦਲਾਅ ਸੰਭਵ: ਡਿਪਟੀ ਕਮਿਸ਼ਨਰ ਸਿਵਲ ਸਰਵਿਸਿਜ਼ ਦੀ ਤਿਆਰੀ ਲਈ ਬੱਚਿਆਂ ਨੂੰ ਦਿੱਤੇ ਗੁਰਮੰਤਰ ਪਟਿਆਲਾ, 10 ਜਨਵਰੀ 2026 : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਅੱਜ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠਵੀਂ ਅਤੇ ਦੱਸਵੀਂ ਕਲਾਸ ਦੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਇਨਾਮ ਵਜੋਂ ਸਾਈਕਲਾਂ ਵੰਡੀਆਂ ਗਈਆਂ । ਇਸ ਸਮਾਗਮ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਸੀ, ਤਾਂ ਜੋ ਉਹ ਭਵਿੱਖ ਵਿੱਚ ਵੱਡੇ ਸੁਪਨੇ ਦੇਖ ਸਕਣ ਅਤੇ ਉਨ੍ਹਾਂ ਨੂੰ ਸਾਕਾਰ ਕਰ ਸਕਣ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਈਕਲਾਂ ਵੰਡਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਹੀ ਸਮਾਜਕ ਬਦਲਾਅ ਦਾ ਸਭ ਤੋਂ ਵੱਡਾ ਸਾਧਨ ਹੈ ਅਤੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਾਈਕਲ ਵੰਡ ਸਮਾਗਮ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰਾਰਥੀਆਂ ਨੂੰ ਸਿਵਲ ਸਰਵਿਸਿਜ਼ ਵਰਗੀ ਉੱਚ ਪੱਧਰੀ ਪ੍ਰੀਖਿਆ ਨੂੰ ਕਾਮਯਾਬੀ ਨਾਲ ਪਾਸ ਕਰਨ ਲਈ ਗੁਰਮੰਤਰ ਦਿੱਤੇ। ਡੀ ਸੀ ਨੇ ਵਿਦਿਆਰਥੀਆਂ ਨੂੰ ਅਖ਼ਬਾਰਾਂ ਪੜ੍ਹਨ, ਸਮਕਾਲੀ ਮਸਲਿਆਂ ਨਾਲ ਅੱਪਡੇਟ ਰਹਿਣ ਅਤੇ ਐਨਸੀਈਆਰਟੀ ਦੀਆਂ ਕਿਤਾਬਾਂ ਨੂੰ ਮਜ਼ਬੂਤੀ ਨਾਲ ਪੜ੍ਹਨ ਦੀ ਸਲਾਹ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਅਸਫਲਤਾ ਤੋਂ ਘਬਰਾਉਣ ਦੀ ਬਜਾਏ ਉਸ ਤੋਂ ਸਿੱਖ ਲੈ ਕੇ ਅੱਗੇ ਵਧਣਾ ਚਾਹੀਦਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵੀ ਉਨ੍ਹਾਂ ਨੇ ਵਿਸਥਾਰ ਨਾਲ ਜਵਾਬ ਦਿੱਤੇ। ਇਸ ਮੌਕੇ ਵਧੀਕ ਕਮਿਸ਼ਨਰ ਟੈਕਸ ਇਨਵੇਸਟਿਗੇਸ਼ਨ ਮਿਸ ਸੋਨਮ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਜੀਉਡੀਸ਼ਨਲ ਮੈਜਿਸਟ੍ਰੇਟ ਮਿਸ ਮਿਤਾਲੀ, ਸੀ ਏ ਅਜੇ ਅਲੀਪੁਰੀਆ, ਡਾ. ਰਾਜ, ਮਨਿਕ ਰਾਜ ਸਿੰਗਲਾ, ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਸੀ ਈ ਓ ਸਤਿੰਦਰ ਸਿੰਘ, ਕੈਰੀਅਰ ਕਾਊਸਲਰ ਰੁਪਸੀ ਪਹੁਜਾ, ਡੀ ਈ ਓ ਸੰਜੀਵ ਕੁਮਾਰ, ਰਵਿੰਦਰ ਸ਼ਰਮਾ ਤੋਂ ਇਲਾਵਾ ਬੱਚੇ ਅਤੇ ਮਾਪੇ ਮਜੂਦ ਸਨ।
