
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ
- by Jasbeer Singh
- September 30, 2024

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਸੇਵਾ ਕੇਂਦਰ ਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ -ਲੋਕਾਂ ਨੂੰ ਸਮਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ : ਡਾ. ਪ੍ਰੀਤੀ ਯਾਦਵ -ਲੋਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਤੇ ਫੀਡਬੈਕ ਦੇਣ ਪਟਿਆਲਾ, 30 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਇੱਥੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ‘ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮਾਂਬੱਧ ਢੰਗ ਨਾਲ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪਰੰਤੂ ਜੇਕਰ ਕਿਸੇ ਨਾਗਰਿਕ ਨੂੰ ਆਪਣਾ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਬਿਨ੍ਹਾਂ ਝਿਜਕ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਜਿਹੀ ਚੈਕਿੰਗ ਲਗਾਤਾਰ ਜਾਰੀ ਰੱਖਣਗੇ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਸੇਵਾ ਕੇਂਦਰ ਤੇ ਫ਼ਰਦ ਕੇਂਦਰ ਦੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇੱਥੇ ਆਪਣੇ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਜਾਣਕਾਰੀ ਪ੍ਰਦਾਨ ਕੀਤੀ ਜਾਵੇ ਅਤੇ ਲੋਕਾਂ ਦੇ ਕੰਮ ਤੁਰੰਤ ਕਰਨੇ ਵੀ ਯਕੀਨੀ ਬਣਾਏ ਜਾਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਲੋਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਵੀ ਹਾਸਲ ਕੀਤੀ ਹੈ ਪਰੰਤੂ ਕਿਸੇ ਨੇ ਵੀ ਕੋਈ ਸ਼ਿਕਾਇਤ ਨਹੀਂ ਕੀਤੀ ਸਗੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਹੀ ਕੀਤੀ ਹੈ।