
ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵੱਧ ਤੋਂ ਵੱਧ ਫੌਗਿੰਗ ਤੇ ਪਾਣੀ ਦੀ ਸੈਂਪਲਿੰਗ ਕਰਨ ਦੀਆਂ
- by Jasbeer Singh
- October 11, 2025

ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵੱਧ ਤੋਂ ਵੱਧ ਫੌਗਿੰਗ ਤੇ ਪਾਣੀ ਦੀ ਸੈਂਪਲਿੰਗ ਕਰਨ ਦੀਆਂ ਹਦਾਇਤਾਂ ਕਿਹਾ ; ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲ਼ੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਅਤੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ ਰਾਹੁਲ ਚਾਬਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਸੰਗਰੂਰ, 11 ਅਕਤੂਬਰ 2025 : ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਓਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲ਼ੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਅਤੇ ਫਰਿੱਜਾਂ ਦੀਆਂ ਟਰੇਆਂ ਖਾਲੀ ਕਰਨ ਵੱਲ ਉਚੇਚਾ ਧਿਆਨ ਦੇਣ। ਇਹ ਗੱਲ ਡਿਪਟੀ ਕਮਿਸ਼ਨਰ ਸ਼੍ਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਲਈ ਰੱਖੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਜਾਰੀ ਰੱਖਣ। ਜੇਕਰ ਕਿਸੇ ਇਲਾਕੇ ਵਿੱਚ ਵੈਕਟਰ ਬੌਰਨ ਬਿਮਾਰੀਆਂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ। ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਰੱਖਣ ਸਬੰਧੀ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਚਾਬਾ ਨੇ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੇ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਕੀਤੀ ਜਾਵੇ ਤੇ ਪਾਣੀ ਦੀ ਕਲੋਰੀਨੇਸ਼ਨ ਵੀ ਯਕੀਨੀ ਬਣਾਈ ਜਾਵੇ। ਚਾਬਾ ਨੇ ਸਿਹਤ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਤੇ ਪੇਂਡੂ ਵਿਕਾਸ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰ ਕੇ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਪੰਜਾਬ ਸਰਕਾਰ ਦੀ ਮੁਹਿੰਮ "ਹਰ ਸ਼ੁਕਰਵਰ ਡੇਂਗੂ 'ਤੇ ਵਾਰ" ਮੁਹਿੰਮ ਨੂੰ ਵਿਆਪਕ ਪੱਧਰ ਉੱਤੇ ਜਾਰੀ ਰੱਖਿਆ ਜਾਵੇ। ਇਸ ਦੇ ਨਾਲ-ਨਾਲ ਆਸ਼ਾ ਵਰਕਰਾਂ ਨੂੰ ਵੀ ਇਸ ਮੁਹਿੰਮ ਦਾ ਉਚੇਚੇ ਤੌਰ ਉਤੇ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਉਸ ਨੂੰ ਕਾਬੂ ਕੀਤਾ ਜਾ ਸਕੇ। ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਦੀਆਂ ਪਾਇਪਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਡੇਂਗੂ ਤੋਂ ਬਚਾਅ ਸਬੰਧੀ ਪ੍ਰੇਰਿਤ ਕਰਨ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਵੱਡੇ ਪੱਧਰ ਉੱਤੇ ਜਾਗਰੂਕ ਕੀਤਾ ਜਾ ਰਿਹਾ ਹੈ, ਖ਼ਾਸਕਰ ਕੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਅਨਾਊਂਸਮੈਂਟਸ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਹੋਰ ਵੱਖੋ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਅਜਿਹੀਆਂ ਬਿਮਾਰੀਆਂ ਦੇ ਆਮ ਲੱਛਣਾਂ ਬਾਰੇ ਦੱਸਿਆ, ਜਿਸ ਵਿੱਚ ਤੇਜ਼ ਬੁਖਾਰ, ਸਰੀਰ ਵਿੱਚ ਤੇਜ਼ ਦਰਦ, ਜੋੜਾਂ ਵਿੱਚ ਦਰਦ, ਪੇਟ ਦੀ ਬੇਚੈਨੀ ਅਤੇ ਭੁੱਖ ਨਾ ਲੱਗਣਾ (ਕਦੇ-ਕਦੇ), ਸ਼ਾਮਲ ਹਨ। ਜੇਕਰ ਪਰਿਵਾਰ ਦੇ ਕਿਸੇ ਮੈਂਬਰ ਵਿੱਚ ਅਜਿਹੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਹਨਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ। ਸਰਕਾਰੀ ਟੀਮਾਂ ਵੱਲੋਂ ਫੌਗਿੰਗ, ਸਪਰੇਅ ਅਤੇ ਬੁਖਾਰ ਬਾਬਤ ਸਰਵੇ ਸਬੰਧੀ ਘਰ-ਘਰ ਜਾ ਕੇ ਗਤੀਵਿਧੀਆਂ ਨਿਰੰਤਰ ਜਾਰੀ ਹਨ। ਵੈਕਟਰ ਬੌਰਨ ਬਿਮਾਰੀਆਂ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਸਭ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਸ. ਲਵਪ੍ਰੀਤ ਸਿੰਘ, ਸਿਵਲ ਸਰਜਨ ਅਮਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।