ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਖੇਤਰਾਂ ’ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
- by Jasbeer Singh
- August 16, 2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਖੇਤਰਾਂ ’ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਪਰੇਡ ਕਮਾਂਡਰਾਂ ਤੇ ਸਕੂਲੀ ਟੀਮਾਂ ਦੇ ਇੰਚਾਰਜਾਂ ਨੂੰ ਵੀ ਜ਼ਿਲ੍ਹਾ ਪੱਧਰੀ ਪੁਰਸਕਾਰ ਅਤੇ ਪ੍ਰਮਾਣ ਪੱਤਰ ਦੇ ਕੇ ਕੀਤਾ ਸਨਮਾਨਿਤ ਸੰਗਰੂਰ, 16 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ, ਪਰੇਡ ਟੁਕੜੀਆਂ ਦੇ ਕਮਾਂਡਰਾਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਦੀ ਤਿਆਰੀ ਕਰਵਾਉਣ ਵਾਲੇ ਸਕੂਲੀ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਖੁਸ਼ਗਵਾਰ ਮਾਹੌਲ ਵਿੱਚ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਮਾਜ ਸੇਵਾ, ਪ੍ਰਸ਼ਾਸਨਿਕ ਸੇਵਾਵਾਂ ਅਤੇ ਪੁਲਿਸ ਸੇਵਾਵਾਂ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੌਕੇ ’ਤੇ ਜਿਥੇ ਇਨ੍ਹਾਂ ਦੀ ਹੌਂਸਲਾ ਅਫਜਾਈ ਕਰਨ ਵਜੋਂ ਜ਼ਿਲ੍ਹਾ ਪੱਧਰੀ ਪੁਰਸਕਾਰ ਪ੍ਰਦਾਨ ਕੀਤਾ ਗਿਆ ਹੈ ਉਥੇ ਹੀ ਇਹ ਐਵਾਰਡ, ਹੋਰਨਾਂ ਦੇ ਮਨਾਂ ਵਿੱਚ ਵੀ, ਸਮਾਜ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਦਾ ਜ਼ਰੀਆ ਬਣੇਗਾ। ਉਨ੍ਹਾਂ ਐਵਾਰਡ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਹੋਰ ਵੀ ਜਿੰਮੇਵਾਰੀ ਦੀ ਭਾਵਨਾ, ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ । ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵੀ ਸਮਾਜਿਕ ਬੁਰਾਈਆਂ ਦੇ ਖਾਤਮੇ ਖਿਲਾਫ਼ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।
