
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਵਿਖੇ ਬਣ ਰਹੇ ਸਬਡਵੀਜ਼ਨ ਕੰਪਲੈਕਸ ਅਤੇ ਨੇਚਰ ਪਾਰਕ ਦੇ ਕੰਮ ਦੇ ਜਾਇਜ਼ੇ
- by Jasbeer Singh
- July 10, 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਵਿਖੇ ਬਣ ਰਹੇ ਸਬਡਵੀਜ਼ਨ ਕੰਪਲੈਕਸ ਅਤੇ ਨੇਚਰ ਪਾਰਕ ਦੇ ਕੰਮ ਦੇ ਜਾਇਜ਼ੇ ਲਈ ਕੀਤਾ ਦੌਰਾ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੀ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕਰਨ ਦੀ ਹਦਾਇਤ ਦਿੜ੍ਹਬਾ/ਸੰਗਰੂਰ, 10 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਦੇ ਲੋਕਾਂ ਦੀ ਸੁਵਿਧਾ ਲਈ ਫੋਰੇਸਟ ਨੇਚਰ ਪਾਰਕ ਅਤੇ ਸਬ ਡਵੀਜ਼ਨਲ ਕੰਪਲੈਕਸ ਦੀ ਨਵੀਂ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸਦੇ ਕੰਮ ਦੀ ਪ੍ਰਗਤੀ ਦੇ ਨਿਰੀਖਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਸਥਾਨਕ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਨਾਗਰਿਕਾਂ ਨੂੰ ਸਮਾਂਬੱਧ ਅਤੇ ਸੁਖਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਲਈ ਅਜਿਹੀਆਂ ਆਧੁਨਿਕ ਇਮਾਰਤਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੇਚਰ ਪਾਰਕ ਬਣਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ 10.68 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਜਾ ਰਹੀ ਇਮਾਰਤ ਦਾ ਨਿਰੀਖਣ ਕਰਨ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦੀ ਇਮਾਰਤ ਦੀ ਉਸਾਰੀ ਦਾ ਕੰਮ ਇੱਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਇਮਾਰਤ ਦੇ ਨਿਰਮਾਣ ਦੌਰਾਨ ਕੰਮ ਅਤੇ ਵਰਤੇ ਜਾਣ ਵਾਲੇ ਸਾਮਾਨ ਦੀ ਗੁਣਵੱਤਾ ਨੂੰ ਸਹੀ ਰੱਖਿਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਐਸ.ਡੀ.ਐਮ.ਦਿੜ੍ਹਬਾ ਰਾਜੇਸ਼ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਇਮਾਰਤ ਦੇ ਨਿਰਮਾਣ ਦੇ ਕੰਮ ਉੱਪਰ ਨਿਗਰਾਨੀ ਰੱਖਣ ਅਤੇ ਥੋੜ੍ਹੇ-ਥੋੜ੍ਹੇ ਵਕਫ਼ੇ ਬਾਅਦ ਖੁਦ ਇੱਥੇ ਪਹੁੰਚ ਕੇ ਕੰਮ ਦਾ ਜਾਇਜ਼ਾ ਲੈਂਦੇ ਰਹਿਣ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਰਾਮਪ੍ਰੀਤ ਵੀ ਹਾਜ਼ਰ ਸਨ।