ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ, ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀ
- by Jasbeer Singh
- September 30, 2024
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਕੀਤਾ ਸਿੱਧਾ ਰਾਬਤਾ, ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ -ਖੇਤਾਂ 'ਚ ਬੇਲਰ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ -ਡੀ.ਏ.ਪੀ. ਖਾਦ ਦੀ ਕਿਸਾਨਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ ਪਟਿਆਲਾ, 30 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਦਿਆਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦਦਹੇੜੀਆ ਤੇ ਫ਼ਤਿਹਪੁਰ ਵਿਖੇ ਬੇਲਰ ਨਾਲ ਗੰਢਾ ਬਣਾਉਣ ਦਾ ਜਾਇਜ਼ਾ ਵੀ ਲਿਆ। ਪਟਿਆਲਾ ਜ਼ਿਲ੍ਹੇ ਦੇ ਪਿੰਡ ਗੰਢਾ ਖੇੜੀ, ਖਾਨਪੁਰ, ਦਦਹੇੜੀਆ ਤੇ ਫਤਿਹਪੁਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜਨ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਜਦ ਸਾਡੇ ਕੋਲ ਪਰਾਲੀ ਪ੍ਰਬੰਧਨ ਲਈ ਤਕਨੀਕਾਂ ਮੌਜੂਦ ਹਨ ਤਾਂ ਸਾਨੂੰ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਇਸ ਨਾਲ ਜਿਥੇ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਖਾਦਾਂ ਦੀ ਵਰਤੋਂ 'ਚ ਵੀ ਕਮੀ ਆਉਂਦੀ ਹੈ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਉਪਲਬਧ ਹੈ ਤੇ ਕਿਸਾਨ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ 'ਉੱਨਤ ਕਿਸਾਨ' ਐਪ 'ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ ਅਤੇ ਕਿਸਾਨ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਰੈਕ ਲੱਗਿਆ ਹੋਇਆ ਹੈ ਤੇ ਜ਼ਿਲ੍ਹੇ 'ਚ ਲੋੜ ਮੁਤਾਬਕ ਡੀ.ਏ.ਪੀ ਖਾਦ ਉਪਲਬਧ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.