

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦੀ ਸਮੀਖਿਆ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ - ਡਿਪਟੀ ਕਮਿਸ਼ਨਰ ਪਟਿਆਲਾ, 23 ਅਕਤੂਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਚਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਬੈਠਕ ਕੀਤੀ, ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਨਗਰ ਨਿਗਮ ਦੇ ਪ੍ਰਤਿਨਿਧੀ ਅਤੇ ਸੰਬੰਧਤ ਅਧਿਕਾਰੀ ਹਾਜ਼ਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਰ ਕਲੀਨਿਕ ਵਿੱਚ ਓ. ਪੀ. ਡੀ. ਸੇਵਾਵਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਲੀਨਿਕ ਵਿੱਚ ਦਵਾਈਆਂ ਦੀ ਘਾਟ ਨਾ ਰਹੇ ਅਤੇ ਸਟਾਫ ਦੀ ਪੂਰੀ ਉਪਲਬਧਤਾ ਬਣੀ ਰਹੇ । ਡਿਪਟੀ ਕਮਿਸ਼ਨਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਹਰ ਕਲੀਨਿਕ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਪਲਬਧ ਦਵਾਈਆਂ ਦਾ ਰਿਕਾਰਡ ਨਿਯਮਿਤ ਤੌਰ 'ਤੇ ਅਪਡੇਟ ਕੀਤਾ ਜਾਵੇ, ਤਾਂ ਜੋ ਕਿਸੇ ਵੀ ਸਮੇਂ ਕਮੀ ਆਉਣ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ । ਡੀ. ਸੀ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਡਾਕਟਰ, ਨਰਸਿੰਗ ਸਟਾਫ ਅਤੇ ਪੈਰਾਮੈਡੀਕਲ ਟੀਮ ਸਮੇਂ-ਸਮੇਂ 'ਤੇ ਆਪਣੀ ਹਾਜ਼ਰੀ ਅਤੇ ਰਿਪੋਰਟਿੰਗ ਪ੍ਰਣਾਲੀ ਅਨੁਸਾਰ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਨਤਾ ਨਾਲ ਸੰਬੰਧਤ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦਾ ਮੰਤਵ ਲੋਕਾਂ ਨੂੰ ਸੌਖੀ ਸਿਹਤ ਸੇਵਾ ਪ੍ਰਦਾਨ ਕਰਨਾ ਹੈ । ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦੀ ਸਫ਼ਲਤਾ ਤਦ ਹੀ ਸੰਭਵ ਹੈ ਜਦੋਂ ਸਾਰੇ ਵਿਭਾਗ ਮਿਲਜੁਲ ਕੇ ਕੰਮ ਕਰਨ । ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੂਰਾ ਜ਼ੋਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜਨਤਕ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣਾ ਸਰਕਾਰ ਦੀ ਪਹਿਲ ਹੈ । ਇਸ ਮੌਕੇ ਤੇ ਸਿਹਤ ਵਿਭਾਗ ਦੇ ਡੀ. ਸੀ. ਐਮ. ਰਿਤਿਕਾ , ਡੀ. ਐਫ. ਡਬਲਿਊ. ਓ. ਬਲਕਾਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸੰਬੰਧਤ ਅਧਿਕਾਰੀਆਂ ਨੇ ਭਾਗ ਲਿਆ ।