ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ
- by Jasbeer Singh
- January 15, 2026
ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਚੱਲ ਰਹੇ ਕਾਰਜਾਂ ਨੂੰ ਨਿਰਧਾਰਿਤ ਮਿਆਰਾਂ ਅਨੁਸਾਰ ਤੇਜ਼ੀ ਅਤੇ ਗੁਣਵੱਤਾ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਗੈਰ-ਅਧਿਕਾਰਤ ਥਾਵਾਂ ’ਤੇ ਹੋਰਡਿੰਗ ਤੇ ਇਸ਼ਤਿਹਾਰ ਤੁਰੰਤ ਹਟਾਉਣ ਅਤੇ ਨਵੇਂ ਵੈਂਡਿੰਗ ਜੋਨ ਨਿਰਧਾਰਤ ਕਰਨ ਦੇ ਹੁਕਮ 3 ਕਰੋੜ 42 ਲੱਖ 96 ਹਜ਼ਾਰ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ’ਤੇ ਨਗਰ ਕੌਸਲਾਂ/ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਲਾਘਾ ਮਾਲੇਰਕੋਟਲਾ, 15 ਜਨਵਰੀ 2026 : ਜ਼ਿਲ੍ਹੇ ਦੀਆਂ ਸਮੂਹ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵਾਮਿਤਵ ਯੋਜਨਾ, ਇਸ਼ਤਿਹਾਰ ਪਾਲਸੀ, ਵੈਂਡਿੰਗ ਜੋਨ, ਪ੍ਰਾਪਰਟੀ ਟੈਕਸ ਦੀ ਵਸੂਲੀ, ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਸੀਵਰੇਜ ਪ੍ਰਣਾਲੀ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਦੇ ਚੱਲ ਰਹੇ ਕੰਮ, ਗ੍ਰਾਂਟ ਦੀ ਵਰਤੋਂ, ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਅਵਾਰਾ ਪਸ਼ੂਆਂ ਦੀ ਸੰਭਾਲ ਸਬੰਧੀ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਹਰ ਵਿਕਾਸ ਕਾਰਜ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੇਂ-ਸਿਰ ਕੰਮ ਪੂਰੇ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਜਮੀਨੀ ਪੱਧਰ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸ਼ਹਿਰਾਂ ਵਿੱਚ ਗੈਰ-ਅਧਿਕਾਰਤ ਸਥਾਨਾਂ ’ਤੇ ਲੱਗੀਆਂ ਹੋਰਡਿੰਗਾਂ ਅਤੇ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਅਤੇ ਟਰੈਫਿਕ ਜਾਂ ਆਵਾਜਾਈ ਵਿੱਚ ਰੁਕਾਵਟ ਬਣ ਰਹੇ ਪੋਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ। ਨਾਲ ਹੀ, ਰੇਹੜੀ-ਫੜੀ ਅਤੇ ਵੈਂਡਰਾਂ ਲਈ ਨਵੇਂ ਵੈਂਡਿੰਗ ਜੋਨ ਨਿਰਧਾਰਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ 03 ਕਰੋੜ 42 ਲੱਖ 96 ਹਜ਼ਾਰ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ’ਤੇ ਕਾਰਜ ਸਾਧਕ ਅਧਿਕਾਰੀਆਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਰਕਮ ਸਿਰਫ਼ ਸ਼ਹਿਰਾਂ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕੰਮਾਂ ’ਤੇ ਹੀ ਖਰਚ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ, ਸੁਵਿਧਾਜਨਕ ਅਤੇ ਸੁੰਦਰ ਸ਼ਹਿਰ ਬਣਾਉਣਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਇੱਕ ਟੀਮ ਦੀ ਤਰ੍ਹਾਂ ਇੱਕਜੁੱਟ ਹੋ ਕੇ ਕੰਮ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ । ਇਸ ਮੌਕੇ ਕਾਰਜ ਸਾਧਕ ਅਫਸਰ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਅਮਰਗੜ੍ਹ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਨੀਰੂ ਬਾਲਾ, ਸਹਾਇਕ ਮਿਊਂਸਪਲ ਇੰਜਨੀਅਰ ਇੰਜ.ਨਰਿੰਦਰ ਕੁਮਾਰ, ਐਸ.ਸੀ.ਓ ਵਿਕਰਮ ਸਿੰਘ, ਐਸ.ਡੀ.ਈ ਪਰਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
