post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ ਐਮ.ਐਸ.ਪੀ ਤੋਂ ਘੱਟ ਖਰੀਦ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਸੰਦੀਪ ਰਿਸ਼ੀ ਪੰਜਾਬ ਸਰਕਾਰ ਝੋਨੇ ਦੇ ਇੱਕ ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ : ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰੇਕ ਪਿੰਡ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਜਾਗਰੂਕਤਾ ਮੁਹਿੰਮ : ਸਰਤਾਜ ਸਿੰਘ ਚਾਹਲ ਸੰਗਰੂਰ, 23 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਸਮੇਤ ਅਨਾਜ ਮੰਡੀ ਸੰਗਰੂਰ ਦਾ ਅਚਨਚੇਤ ਦੌਰਾ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਐਮ.ਐਸ.ਪੀ ਤੋਂ ਘੱਟ ਖਰੀਦ ਕਿਸੇ ਕੀਮਤ ਤੇ ਨਾ ਹੋਣ ਦੇਣ, ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕਰਨ ਅਤੇ ਸ਼ੈਲਰਾਂ ਵਿੱਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਉਹਨਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿੱਚ ਬਾਸਮਤੀ ਅਤੇ ਝੋਨਾ ਗਰੇਡ ਵੰਨ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਉਹ ਨਿਰੰਤਰ ਇਸ ਸਬੰਧੀ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ 17% ਤੋਂ ਘੱਟ ਨਮੀ ਵਾਲੀ ਫਸਲ ਦੀ ਨਾਲੋ ਨਾਲ ਖਰੀਦ ਨੂੰ ਯਕੀਨੀ ਬਣਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਸ਼ੈਲਰ ਮਾਲਕ ਹਾਲੇ ਤੱਕ ਰਜਿਸਟਰੇਸ਼ਨ ਨਹੀਂ ਕਰਵਾ ਸਕੇ ਸਨ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਹੂਲਤ ਪ੍ਰਦਾਨ ਕਰਦੇ ਹੋਏ ਪੋਰਟਲ ਦੁਬਾਰਾ ਤੋਂ ਖੋਲ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕਈ ਹੋਰ ਛੋਟਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੈਲਰ ਮਾਲਕਾਂ ਦੇ ਮਨੋਬਲ ਵਿੱਚ ਵਾਧਾ ਹੋਇਆ ਹੈ ਅਤੇ ਉਹ ਰਜਿਸਟਰੇਸ਼ਨ ਕਰਵਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਵਿੱਚ ਕੱਲ ਸ਼ਾਮ ਤੱਕ 250 ਸੈੱਲਰ ਮਾਲਕ ਰਜਿਸਟਰ ਹੋ ਚੁੱਕੇ ਹਨ ਜਿਨਾਂ ਨੂੰ ਅਲਾਟਮੈਂਟ ਸ਼ੁਰੂ ਹੋ ਗਈ ਸੀ ਅਤੇ ਹਰ ਸੈਂਟਰ ਨੂੰ ਲਿੰਕ ਕਰ ਦਿੱਤਾ ਗਿਆ ਹੈ । ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਦੁਹਰਾਉਂਦਿਆਂ ਕਿਹਾ ਹੈ ਕਿ ਅਨਾਜ ਮੰਡੀਆਂ ਵਿੱਚ ਕਿਸਾਨ ਸਿਰਫ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਸੁੱਕੀ ਜੀਰੀ ਦੀ ਨਾਲੋਂ ਨਾਲ ਖਰੀਦ ਹੋ ਸਕੇ । ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਸਾਰੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉੱਤੇ ਵਿਸ਼ੇਸ਼ ਚੌਕਸੀ ਟੀਮਾਂ ਕਾਰਜਸ਼ੀਲ ਹਨ ਜੋ ਕਿ ਸਬੰਧਤ ਸਬ ਡਵੀਜ਼ਨ ਦੇ ਐਸ.ਡੀ.ਐਮ ਅਤੇ ਡੀ.ਐਸ.ਪੀ ਦੀ ਅਗਵਾਈ ਹੇਠ ਹਰ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਦੌਰਾਨ ਸੈਟੇਲਾਈਟ ਰਾਹੀਂ ਪ੍ਰਾਪਤ ਹੋਣ ਵਾਲੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਵੀ ਪੜਤਾਲ ਕੀਤੀ ਜਾਂਦੀ ਹੈ ਅਤੇ ਜੇਕਰ ਇਸ ਦੌਰਾਨ ਸਬੰਧਤ ਖੇਤ ਵਿੱਚ ਪਰਾਲੀ ਸਾੜਨ ਦੇ ਮਾਮਲੇ ਦੀ ਪੁਸ਼ਟੀ ਹੁੰਦੀ ਹੈ ਤਾਂ ਜਿੰਮੇਵਾਰ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ । ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਇਸ ਸਾਲ ਦੀਆਂ ਕਿਸਾਨ ਵੀਰਾਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਕਿਸਾਨਾਂ ਵਿੱਚ ਪਰਾਲੀ ਦੇ ਪ੍ਰਬੰਧਨ ਦਾ ਰੁਝਾਨ ਵਧਿਆ ਹੈ ਜੋ ਕਿ ਵਾਤਾਵਰਣ ਨੂੰ ਸੰਭਾਲਣ ਦੀ ਮੁਹਿਮ ਵਿੱਚ ਆਉਂਦੇ ਸਮੇਂ ਹੋਰ ਵੀ ਸਾਰਥਕ ਨਤੀਜੇ ਸਾਹਮਣੇ ਲਿਆਵੇਗਾ ।

Related Post