go to login
post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ: ਡੀ.ਸੀ. ਸੰਦੀਪ ਰਿਸ਼ੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ: ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਸੰਗਰੂਰ, 30 ਸਤੰਬਰ : ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਹੋਰਨਾਂ ਅਧਿਕਾਰੀਆਂ ਸਮੇਤ ਪਿੰਡਾਂ ਵਿੱਚ ਪਹੁੰਚ ਰਹੇ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਜਿੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਵਰਤ ਕੇ ਸੰਜੀਦਗੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਸੰਭਾਲਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ । ਅੱਜ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਨਾਗਰਾ, ਮਹਿਲਾਂ, ਖੋਖਰ ਅਤੇ ਹਰਿਆਊ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਵਰਜਿਆ ਗਿਆ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਮਾੜੀ ਪ੍ਰਥਾ ਨੂੰ ਰੋਕਣ ਲਈ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਦੇ ਨਾਲ-ਨਾਲ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਲੋੜੀਂਦੀ ਮਸ਼ੀਨਰੀ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਦੀ ਜ਼ਿਲ੍ਹੇ ਦੇ ਕਿਸਾਨਾਂ ਲਈ ਉਪਲਬਧਤਾ ਯਕੀਨੀ ਬਣਾਉਣ ਲਈ ਪੂਰੇ ਪਾਰਦਰਸ਼ੀ ਢੰਗ ਨਾਲ ਮੈਪਿੰਗ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ‘ਤੇ ਕੋਈ ਵੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਇਹ ਮਸ਼ੀਨਰੀ ਵਰਤ ਕੇ ਪਰਾਲੀ ਸੰਭਾਲ ਸਕਦਾ ਹੈ । ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਕਿਸਾਨਾਂ ਨੂੰ ਸੰਜੀਦਗੀ ਨਾਲ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਪ੍ਰਦੂਸ਼ਣ ਸਭ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੁਨਾਮ ਊਧਮ ਸਿੰਘ ਵਾਲਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਡੀ.ਐਸ.ਪੀ. ਦੀਪਇੰਦਰ ਸਿੰਘ ਜੇਜੀ ਅਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਵੀ ਹਾਜ਼ਰ ਸਨ।

Related Post