post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੀ ਅਚਨਚੇਤ ਜਾਂਚ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੀ ਅਚਨਚੇਤ ਜਾਂਚ ਸੰਗਰੂਰ, 17 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਅੱਜ ਘਾਬਦਾਂ ਸਥਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਜਾਂਚ ਲਈ ਦੌਰਾ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਦੇ ਅਹਾਤੇ ਵਿੱਚ ਚੱਲ ਰਹੇ ਓਟ ਸੇਂਟਰ ਦਾ ਵੀ ਨਿਰੀਖਣ ਕੀਤਾ ਗਿਆ । ਇਸ ਮੌਕੇ ਡੀ. ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰੀ ਦੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠਣ ਦੇ ਨਾਲ-ਨਾਲ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਇਲਾਜ ਮੁਫ਼ਤ ਕਰਵਾਇਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀ ਵੀ ਕਿਸੇ ਬਿਮਾਰੀ ਦੇ ਮਰੀਜ਼ ਵਾਂਗ ਹਨ ਅਤੇ ਇਸ ਭੈੜੀ ਅਲਾਮਤ ਦਾ ਜਲਦ ਤੋਂ ਜਲਦ ਇਲਾਜ ਕਰਵਾ ਕੇ ਉਹ ਵੀ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਤੋਂ ਜੋੜੇ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਜਲਦ ਤੋਂ ਜਲਦ ਨਸ਼ਾ ਛੁਡਾਵਾਉਣ ਲਈ ਨੇੜਲੇ ਸਿਵਲ ਹਸਪਤਾਲ ਜਾਂ ਮੁੱਢਲੇ ਸਰਕਾਰੀ ਸਿਹਤ ਕੇਂਦਰ ਲੈ ਕੇ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਸ਼ਾ ਤਸਕਰੀ ਦਾ ਲੱਕ ਤੋੜਨ ਲਈ ਇਸ ਨਾਲ ਸਬੰਧਤ ਛੋਟੀ ਤੋਂ ਛੋਟੀ ਜਾਣਕਾਰੀ ਵੀ ਪ੍ਰਸ਼ਾਸਨਿਕ ਜਾਂ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਕਰਨੀ ਚਾਹੀਦੀ ਹੈ । ਇਸ ਮੌਕੇ ਡੀ. ਸੀ. ਸੰਦੀਪ ਰਿਸ਼ੀ ਨੇ ਨਸ਼ਾ ਛੱਡਣ ਲਈ ਮੁੜ ਵਸੇਬਾ ਕੇਂਦਰ ਵਿੱਚ ਭਰਤੀ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਹਮੇਸ਼ਾ ਲਈ ਛੱਡ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਕੋਈ ਵੀ ਇਨਸਾਨ ਆਸਾਨੀ ਨਾਲ ਆਪਣੀ ਮੰਜ਼ਲ ਤੇ ਪਹੁੰਚ ਸਕਦਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਕਰਨ ਦੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ।

Related Post