go to login
post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੰਗਰੂਰ, 26 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਸਾਰੇ ਮਸਲੇ ਸੁਣੇ ਅਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸਰਕਾਰ ਪੱਧਰ ਤੱਕ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਖਰੀਦ ਸੰਬੰਧੀ ਸਭ ਤੋਂ ਵੱਡਾ ਮਸਲਾ ਮੰਡੀਆਂ ਵਿੱਚ ਥਾਂ ਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮੰਡੀ ਵਿੱਚ ਫਸਲ ਵੇਚਣ ਤੇ ਖਰੀਦਣ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਢੁੱਕਵੀਆਂ ਥਾਂਵਾਂ ਨੂੰ ਜਲਦ ਮੰਡੀ ਯਾਰਡ ਨੋਟੀਫਾਈ ਕਰ ਦਿੱਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋਈ ਹੈ ਪਰ ਇਸਨੂੰ ਨਿਰਵਿਘਨ ਸ਼ੁਰੂ ਕਰਨ ਅਤੇ ਜਾਰੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸੰਭਵ ਹੀਲਾ-ਵਸੀਲਾ ਕੀਤਾ ਜਾਵੇਗਾ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀ ਵਿੱਚ ਆਉਣ ਵਾਲੀ ਫਸਲ ’ਚ ਨਮੀ ਦੀ ਮਾਤਰਾ ਲਗਾਤਾਰ ਚੈਕ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਅਤੇ ਕਿਸਾਨਾਂ ਨੂੰ ਵੀ ਚੰਗੀ ਤਰ੍ਹਾਂ ਪੱਕੀ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਸਾਫ਼ ਸਫਾਈ, ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ, ਬੈਠਣ ਵਿਵਸਥਾ ਦਾ ਨਿਰੰਤਰ ਧਿਆਨ ਰੱਖਣ ਅਤੇ ਜੇਕਰ ਕਿਸੇ ਵਰਗ ਨੂੰ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਸ ਦਾ ਯੋਗ ਹੱਲ ਤੁਰੰਤ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਸ਼ੈਲਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Post