
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਸੰਗਰੂਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀ
- by Jasbeer Singh
- September 17, 2024

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਸੰਗਰੂਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਹਦਾਇਤ ਸਰਕਾਰੀ ਵਿਭਾਗਾਂ ਵਿੱਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੰਦੀਪ ਰਿਸ਼ੀ ਸੰਗਰੂਰ, 17 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਤਨਦੇਹੀ ਨਾਲ ਕਾਰਜਰਸ਼ੀਲ ਰਹਿਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਤੇ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰੀਬ ਤੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਤੇ ਵਿੱਤੀ ਤੌਰ ’ਤੇ ਮਜ਼ਬੂਤ ਕਰਨ ਲਈ ਵਿਭਾਗੀ ਅਧਿਕਾਰੀਆਂ ਦੇ ਸਾਂਝੇ ਹੰਭਲਿਆਂ ਦੀ ਲੋੜ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦੇ ਹੋਏ ਹਰ ਯੋਗ ਤੇ ਲੋੜਵੰਦ ਵਿਅਕਤੀ ਤੱਕ ਇਨ੍ਹਾਂ ਸੁਵਿਧਾਵਾਂ ਦਾ ਲਾਭ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੀਟਿੰਗ ਦੌਰਾਨ ਸਿਹਤ, ਸਿੱਖਿਆ, ਕਿਰਤ ਵਿਭਾਗ, ਮਿਡ ਡੇਅ ਮੀਲ, ਬਾਗਬਾਨੀ, ਭੂਮੀ ਰੱਖਿਆ, ਸਹਿਕਾਰਤਾ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਕਾਰਗੁਜ਼ਾਰੀ, ਤਰਲ ਅਤੇ ਠੋਸ ਵੇਸਟ ਪ੍ਰਬੰਧਨ, ਸੀਵਰੇਜ ਟਰੀਟਮੈਂਟ ਪਲਾਂਟਾਂ, ਪਸ਼ੂ ਪਾਲਣ ਵਿਭਾਗ, ਨਹਿਰੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਵਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ, ਕ੍ਰਿਸ਼ੀ ਵਿਗਿਆਨ ਕੇਂਦਰ, ਮੱਛੀ ਪਾਲਣ, ਡੇਅਰੀ ਵਿਕਾਸ ਆਦਿ ਸਮੇਤ ਹੋਰ ਅਨੇਕਾਂ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਲੋਕ ਭਲਾਈ ਸਕੀਮਾਂ ਦੀ ਵਿਸਥਾਰ ਵਿੱਚ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਵਿਭਾਗਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਕਦਰ ਕਰਦੇ ਹੋਏ ਸਮਾਂਬੱਧ ਸਮੇਂ ਅੰਦਰ ਸਵੱਛ ਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਕੰਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਐਕਸੀਅਨ ਸੀਵਰੇਜ ਬੋਰਡ ਸਤਵਿੰਦਰ ਸਿੰਘ ਢਿੱਲੋਂ, ਜੇਲ੍ਹ ਸੁਪਰਡੈਂਟ ਨਵਇੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।