ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਆਦੇਸ਼
- by Jasbeer Singh
- November 6, 2024
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਆਦੇਸ਼ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਜਾਗਰੂਕਤਾ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਸੰਗਰੂਰ, 6 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਹਰ ਪਿੰਡ ਤੱਕ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਠੋਸ ਅਤੇ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣ । ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੌਕਸੀ ਹੋਰ ਤੇਜ਼ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੇ ਮਾਮਲੇ ਚਿੰਤਾਜਨਕ ਹਨ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਣ ਨਾਲ ਮਨੁੱਖੀ ਸਿਹਤ, ਧਰਤੀ ਦੀ ਉਪਜਾਊ ਸ਼ਕਤੀ, ਬਨਸਪਤੀ ਅਤੇ ਪਸ਼ੂ ਪੰਛੀਆਂ ਉੱਤੇ ਮਾਰੂ ਪ੍ਰਭਾਵ ਪੈ ਰਿਹਾ ਹੈ, ਜਿਸ ਨੂੰ ਰੋਕਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ । ਉਹਨਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਕਿ ਹਰ ਇੱਕ ਕਿਸਾਨ ਤੱਕ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਪਹੁੰਚ ਸਕੇ । ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ, ਕਲਸਟਰ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਹਨਾਂ ਨੇ ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਖੇਤੀ ਮਸ਼ੀਨਾਂ ਦੀ ਹਰ ਲੋੜਵੰਦ ਕਿਸਾਨ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸਪੀ ਪਲਵਿੰਦਰ ਸਿੰਘ ਚੀਮਾ, ਐਸ. ਪੀ. ਨਵਰੀਤ ਸਿੰਘ ਵਿਰਕ, ਐਸ. ਪੀ. ਮਨਦੀਪ ਸਿੰਘ ਸੰਧੂ, ਐਸਡੀਐਮ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਧੂਰੀ ਵਿਕਾਸ ਹੀਰਾ, ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ, ਐਸਡੀਐਮ ਲਹਿਰਾ ਤੇ ਮੂਣਕ ਸੂਬਾ ਸਿੰਘ, ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ ਤੋਂ ਇਲਾਵਾ ਸਾਰੇ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੇ ਵੀ ਸ਼ਿਰਕਤ ਕੀਤੀ।
Related Post
Popular News
Hot Categories
Subscribe To Our Newsletter
No spam, notifications only about new products, updates.