
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਧੂਰੀ ਦੇ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ
- by Jasbeer Singh
- December 23, 2024

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਧੂਰੀ ਦੇ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ ਡਿਪਟੀ ਕਮਿਸ਼ਨਰ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ ਸੰਗਰੂਰ, 23 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਉਨ੍ਹਾਂ ਅਫਵਾਹਾਂ ਨੂੰ ਬੇਬੁਨਿਆਦ ਦੱਸਿਆ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਧੂਰੀ ਤੋਂ ਸੰਗਰੂਰ ਵੱਲ ਆਉਂਦੇ ਸਮੇਂ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਇਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਅੱਜ ਇਸ ਮਸਲੇ ਨੂੰ ਲੈ ਕੇ ਉਸ ਇਲਾਕੇ ਦੇ ਦੁਕਾਨਦਾਰਾਂ ਦਾ ਇੱਕ ਵਫਦ ਉਹਨਾਂ ਨੂੰ ਮਿਲਿਆ ਸੀ ਅਤੇ ਇਸ ਰੇਲਵੇ ਓਵਰ ਬ੍ਰਿਜ ਨੂੰ ਵਧਾਉਣ ਨਾਲ ਉਹਨਾਂ ਦੀ ਰੋਜੀ ਰੋਟੀ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਪ੍ਰਗਟਾਇਆ ਗਿਆ ਸੀ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਉਹਨਾਂ ਨੇ ਦੁਕਾਨਦਾਰਾਂ ਦੇ ਮਸਲੇ ਨੂੰ ਧਿਆਨ ਨਾਲ ਸੁਣਿਆ ਅਤੇ ਫਿਰ ਮਲੇਰਕੋਟਲਾ ਵਿਖੇ ਤਾਇਨਾਤ ਐਕਸੀਅਨ ਲੋਕ ਨਿਰਮਾਣ ਵਿਭਾਗ ਪ੍ਰਨੀਤ ਟਿਵਾਣਾ ਨਾਲ ਇਸ ਮਾਮਲੇ 'ਤੇ ਗੱਲਬਾਤ ਕੀਤੀ ਅਤੇ ਐਕਸੀਅਨ ਵੱਲੋਂ ਜਾਣੂ ਕਰਵਾਇਆ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਇਸ ਰੇਲਵੇ ਓਵਰ ਬ੍ਰਿਜ ਨੂੰ ਕਿਸੇ ਵੀ ਪਾਸੇ ਵੱਲ ਵਧਾਉਣ ਸਬੰਧੀ ਕੋਈ ਪ੍ਰਪੋਜਲ ਨਹੀਂ ਹੈ । ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਸਮੇਤ ਹੋਰਨਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਉੱਤੇ ਫੈਲਾਈਆਂ ਜਾ ਰਹੀਆਂ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ।