post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਭਵਾਨੀਗੜ੍ਹ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਭਵਾਨੀਗੜ੍ਹ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਖਰੀਦ ਕਾਰਜਾਂ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ: ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ, 48 ਘੰਟਿਆਂ ਅੰਦਰ ਹੋਵੇਗੀ ਅਦਾਇਗੀ ਭਵਾਨੀਗੜ੍ਹ/ਸੰਗਰੂਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਆਰੰਭ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਜਾਣ ਵਾਲੀ ਜਿਣਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਨੂੰ ਨਿਰੰਤਰ ਮੰਡੀਆਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ 17 ਫੀਸਦੀ ਤੋਂ ਘੱਟ ਨਮੀ ਵਾਲੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋਂ ਨਾਲ ਖਰੀਦ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮੂਹ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਨਾਜ ਮੰਡੀਆਂ ਦੇ ਗੇਟ ’ਤੇ ਹੀ ਝੋਨੇ ਦੀ ਨਮੀ ਸਬੰਧੀ ਮਸ਼ੀਨ ਰਾਹੀਂ ਜਾਂਚ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਸੌ ਫੀਸਦੀ ਸੁੱਕੀ ਫਸਲ ਦੀ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ 24 ਘੰਟਿਆਂ ਅੰਦਰ ਖਰੀਦ ਕਰਦੇ ਹੋਏ 48 ਘੰਟਿਆਂ ਦੇ ਅੰਦਰ ਅੰਦਰ ਸਬੰਧਤ ਕਿਸਾਨ ਨੂੰ ਬਣਦੀ ਅਦਾਇਗੀ ਕਰਵਾ ਕੇ 72 ਘੰਟਿਆਂ ਅੰਦਰ ਫਸਲ ਦੀ ਚੁਕਾਈ ਕਰਵਾਈ ਜਾ ਸਕੇ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਅੰਬਾਰ ਨਾ ਲੱਗਣ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕੀਤੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਸੀਜ਼ਨ ਦੌਰਾਨ ਐਸ.ਡੀ.ਐਮ ਭਵਾਨੀਗੜ੍ਹ ਨਾਲ ਤਾਲਮੇਲ ਰੱਖਦੇ ਹੋਏ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਸਮੇਤ ਝੋਨੇ ਦੀ ਖਰੀਦ ਪ੍ਰਕਿਰਿਆ ਨਾਲ ਸਬੰਧਤ ਹੋਰ ਵਰਗਾਂ ਦੀਆਂ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਵਿਖੇ ਮੌਜੂਦ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ, ਲੇਬਰ ਐਸੋਸੀਏਸ਼ਨ ਦੇ ਪ੍ਰਧਾਨ, ਕਿਸਾਨ ਵੀਰਾਂ ਦਾ ਧੰਨਵਾਦ ਕਰਦਿਆਂ ਪ੍ਰਸ਼ਾਸਨ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ, ਐਸ.ਡੀ.ਐਮ ਰਵਿੰਦਰ ਬਾਂਸਲ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਤਹਿਸੀਲਦਾਰ ਗੁਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Post