post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਾਮਬੰਦ ਕੀਤਾ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ ਐਸ. ਡੀ. ਐਮ ਵਿਕਾਸ ਹੀਰਾ ਸਮੇਤ ਮੂਲੋਵਾਲ, ਸ਼ੇਰਪੁਰ, ਟਿੱਬਾ, ਫਤਿਹਗੜ੍ਹ ਪੰਜਗਰਾਈਆਂ ਆਦਿ ਅਨਾਜ ਮੰਡੀਆਂ ਦਾ ਦੌਰਾ ਧੂਰੀ/ਸੰਗਰੂਰ, 3 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸਬ ਡਵੀਜ਼ਨ ਧੂਰੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਮੂਲੋਵਾਲ, ਸ਼ੇਰਪੁਰ, ਟਿੱਬਾ, ਫਤਿਹਗੜ੍ਹ ਪੰਜਗਰਾਈਆਂ ਆਦਿ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਸ. ਡੀ. ਐਮ ਵਿਕਾਸ ਹੀਰਾ ਸਮੇਤ ਝੋਨੇ ਦੀ ਫਸਲ ਲਈ ਅਨਾਜ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਾਮਬੰਦ ਕੀਤਾ। ਸਬ ਡਵੀਜ਼ਨ ਧੂਰੀ ਦੇ ਵੱਖ-ਵੱਖ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਵੀ ਸਬਸਿਡੀ ‘ਤੇ ਮਿਲੀ ਮਸ਼ੀਨਰੀ ਦੀ ਮਦਦ ਨਾਲ ਬਿਨਾਂ ਅੱਗ ਲਗਾਏ ਅਗਲੀ ਫਸਲ ਬੀਜਣ ਨੂੰ ਤਰਜੀਹ ਦੇਣੀ ਚਾਹੀਦੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਬੀਤੀ 2 ਨਵੰਬਰ ਦੀ ਸ਼ਾਮ ਤੱਕ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,45,837 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 6,09,030 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਫਸਲ ਦੀ ਲਿਫਟਿੰਗ ਵੀ ਤੇਜ਼ੀ ਨਾਲ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ’ਚੋਂ ਪਨਗ੍ਰੇਨ ਨੇ ਹੁਣ ਤੱਕ 2,06,503 ਮੀਟਿਰਕ ਟਨ, ਮਾਰਕਫੈਡ ਨੇ 1,43,206 ਮੀਟਿਰਕ ਟਨ, ਪਨਸਪ ਨੇ 1,00,164 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 53,401 ਮੀਟਿਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1,05,756 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਜ਼ਰੂਰਤ ਮੁਤਾਬਿਕ ਬਾਰਦਾਨੇ ਦੀਆਂ ਗੱਠਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਹਰ ਸਮੇਂ ਪੁਖਤਾ ਪ੍ਰਬੰਧ ਯਕੀਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਐਸ.ਡੀ.ਐਮਜ਼ ਨੂੰ ਵੀ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਯੋਗ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਹੀ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਨ ਵਾਲਿਆਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ । ਉਨ੍ਹਾਂ ਕਿਸਾਨਾਂ ਨੂੰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਨਾ ਚਲਾਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਵੀ ਮੁੜ ਅਪੀਲ ਕੀਤੀ ।

Related Post