post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ

post-img

ਡਿਪਟੀ ਕਮਿਸ਼ਨਰ ਵੱਲੋਂ ਫ਼ੀਲਡ 'ਚ ਜਾ ਕੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰ ਰਹੀ ਮਸ਼ੀਨਰੀ ਦਾ ਜਾਇਜ਼ਾ - ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਦੀ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਲਈ ਡੀ.ਸੀ ਵੱਲੋਂ ਸ਼ਲਾਘਾ ਪਟਿਆਲਾ, 4 ਨਵੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬੀਤੀ ਸ਼ਾਮ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ 'ਚ ਜਾ ਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਵੱਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿੱਚ ਜਾ ਕੇ ਨਿਰੀਖਣ ਕੀਤਾ ਤੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕੀਤੀ । ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ । ਡਾ. ਪ੍ਰੀਤੀ ਯਾਦਵ ਨੇ ਪਿੰਡ ਧਬਲਾਨ, ਸ਼ੇਰਮਾਜਰਾ ਅਤੇ ਜਾਹਲਾਂ ਦਾ ਦੌਰਾ ਕਰਦਿਆਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਵੱਡੀ ਗਿਣਤੀ 'ਚ ਇਨ ਸੀਟੂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿਲ ਡਰਿੱਲ, ਮਲਚਰ, ਆਰਐਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ । ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ 'ਉੱਨਤ ਕਿਸਾਨ' ਐਪ ਦੀ ਵੀ ਵਰਤੋਂ ਕਰ ਸਕਦੇ ਹਨ । ਇਸ ਮੌਕੇ ਪਿੰਡ ਜਾਹਲਾਂ ਦੇ ਅਗਾਂਹਵਧੂ ਕਿਸਾਨ ਰਤਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ 15 ਏਕੜ ਜ਼ਮੀਨ ਵਿੱਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਮਲਚਰ ਦੀ ਵਰਤੋਂ ਕੀਤੀ ਗਈ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ।

Related Post