
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ
- by Jasbeer Singh
- May 30, 2025

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਤਿ ਸਮਾਗਮ ਗੁਰੂ ਸਾਹਿਬ ਦੀ ਸ਼ਹੀਦੀ ਪ੍ਰਮਾਤਮਾ ਦੇ ਭਾਣੇ ਵਿਚ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦੀ : ਜਥੇਦਾਰ ਗੜ੍ਹੀ ਪਟਿਆਲਾ 30 ਮਈ : ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਇਆ ਗਿਆ, ਜਿੱਥੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ ਪੁੱਜੇ ਹੋਏ ਸਨ। ਸਮਾਗਮ ਦੌਰਾਨ ਮੁਖਵਾਕ ਭਾਈ ਕੁਲਦੀਪ ਸਿੰਘ ਵੱਲੋਂ ਲਿਆ ਗਿਆ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਇਤਿਹਾਸ ਦੀ ਰੌਸ਼ਨੀ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਮ ਪਾਤਸ਼ਾਹ ਨੇ ਆਪਣੇ ਜੀਵਨ ਵਿਚ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ, ਜਿਥੋਂ ਸਮੁੱਚੀ ਮਾਨਵਤਾ ਨੂੰ ਅਗਵਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ, ਮਨੁੱਖੀ ਬਰਾਬਰੀ ਅਤੇ ਸਮਾਜਕ ਏਕਤਾ ਲਈ ਜਬਰ ਦਾ ਸਬਰ ਨਾਲ ਮੁਕਾਬਲਾ ਕਰਦਿਆਂ ਆਪਣੀ ਮਹਾਨ ਸ਼ਹੀਦੀ ਦਿੱਤੀ, ਜਿਨ੍ਹਾਂ ਨੂੰ ਦੁਨੀਆ ਅੰਦਰ ਸ਼ਹੀਦਾਂ ਦੇ ਸਿਰਤਾਜ ਆਖਿਆ ਜਾਂਦਾ ਹੈ। ਇਸ ਦੌਰਾਨ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਪ੍ਰਮਾਤਮਾ ਦੇ ਭਾਣੇ ਵਿਚ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਦਾ ਫ਼ਲਸਫ਼ਾ ਸਮੁੱਚੀ ਮਾਨਵਤਾ ਨੂੰ ਆਪਣੇ ਧਰਮ ਵਿਚ ਦ੍ਰਿੜ੍ਹ ਅਤੇ ਅਡਿੱਠ ਰਹਿਣ ਦੀ ਰਾਹ ਵੀ ਵਿਖਾਉਂਦਾ ਹੈ। ਗੁਰੂ ਸਾਹਿਬ ਦੀ ਸ਼ਹੀਦੀ ਤੋਂ ਸਮੁੱਚੀ ਮਾਨਵਤਾ ਨੂੰ ਜਬਰ ਖ਼ਿਲਾਫ਼ ਲੜਨ ਦੀ ਸ਼ਕਤੀ ਵੀ ਮਿਲਦੀ ਹੈ ਅਤੇ ਮਾਨਵੀ ਹੱਕਾਂ ਲਈ ਡਟ ਕੇ ਕਿਵੇਂ ਪਹਿਰੇਦਾਰੀ ਕਰਨੀ ਇਹ ਮਿਸਾਲ ਕਿਸੇ ਹੋਰ ਧਰਮ ਵਿਚ ਵੇਖਣ ਨੂੰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਇਤਿਹਾਸ ਅੰਦਰ ਪਏ ਅਨਮੋਲ ਵਿਰਸੇ ਨਾਲ ਜੁੜੀਏ। ਇਸ ਦੌਰਾਨ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰੂ ਘਰ ਵਿਚ ਠੰਡੇ ਮਿੱਠੇ ਜਲ ਦੀ ਛਬੀਲ ਵੀ ਸੰਗਤਾਂ ਲਈ ਲਗਾਈ ਅਤੇ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਖ਼ੁਦ ਆਪ ਛਬੀਲ ਵਰਤਾਉਣ ਦੀ ਸੇਵਾ ਵੀ ਕੀਤੀ। ਗੁਰਮਤਿ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਗੁਰਬਚਨ ਸਿੰਘ, ਸਾਬਕਾ ਅਧਿਕਾਰੀ ਅਮਰਜੀਤ ਸਿੰਘ ਘੁੰਮਣ, ਜੋਗਿੰਦਰ ਸਿੰਘ ਪੰਛੀ ਅਤੇ ਸਮੂਹ ਸਟਾਫ਼ ਮੈਂਬਰ, ਅਧਿਕਾਰੀ ਤੇ ਸੰਗਤਾਂ ਆਦਿ ਵੀ ਹਾਜ਼ਰ ਸਨ।