

ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਆਮ ਪਰਿਵਾਰ ਤੇ ਮੱਧਮ ਕਾਰੋਬਾਰੀਆਂ ਨੂੰ ਸਹਾਇਤਾ ਦੀ ਲੋੜ ਹੈ, ਵਾਧੂ ਤਣਾਅ ਦੀ ਨਹੀਂ। ਉਨ੍ਹਾਂ ਕਿਹਾ ਕਿ ਇਸ ਲੋਕ ਵਿਰੋਧੀ ਕਦਮ ਵਿੱਚ ਸਰਕਾਰ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਦੀ ਛੋਟ ਦੀ ਪੇਸ਼ਕਸ਼ ਕਰ ਰਹੀ ਹੈ ਪਰ ਨਾਲ ਹੀ ਦਰਾਂ ਵਿੱਚ 0.30 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਟਿਕਾਊ ਨੀਤੀਆਂ ਦੀ ਲੋੜ ਹੈ ਜੋ ਅਸਲ ਵਿੱਚ ਆਮ ਲੋਕਾਂ ਤੇ ਵਪਾਰਕ ਭਾਈਚਾਰੇ ਦੀਆਂ ਲੋੜਾਂ ਨੂੰ ਪੂਰਾ ਕਰਦੀਆਂ ਹਨ। ਇਹ ਸਮਾਂ ਥੋੜ੍ਹੇ ਸਮੇਂ ਦੇ ਸਿਆਸੀ ਲਾਭ ਨਾਲੋਂ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦਾ ਹੈ। ਡਾ. ਗਾਂਧੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਨੀ ਚਾਹੀਦੀ ਹੈ। ਇਸ ਮੌਕੇ ਸਾਬਕਾ ਕੌਂਸਲਰਾਂ ’ਚ ਹਰਦੀਪ ਸਿੰਘ ਖਹਿਰਾ ਤੇ ਕਾਂਗਰਸੀ ਆਗੂ ਸੁਖਦੇਵ ਸਿੰਘ ਆਦਿ ਹਾਜ਼ਰ ਸਨ। ਸਰਕਾਰ ਨੇ ਬਿਜਲੀ ਦੀਆਂ ਦਰਾਂ ਵਧਾ ਕੇ ਲੋਕਾਂ ’ਤੇ ਬੋਝ ਪਾਇਆ: ਸ਼ਾਦੀਪੁਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਬੂਟਾ ਸਿੰਘ ਸ਼ਾਦੀਪੁਰ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਬਿਜਲੀ ਬਿਲਾਂ ਦੀਆਂ ਦੀਆਂ ਦਰਾਂ ’ਚ ਕੀਤੇ ਗਏ ਵਾਧੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਤਾਂ ਪਹਿਲਾਂ ਹੀ ਮਹਿੰਗਾਈ ਨੇ ਪੀਸੇ ਪਏ ਹਨ, ਉਪਰੋਂ ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ’ਚ ਵਾਧਾ ਕਰਕੇ ਉਨ੍ਹਾਂ ’ਤੇ ਹੋਰ ਬੋਝ ਪਾ ਦਿੱਤਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਇੰਜ ਲੱਗਦਾ ਹੈ ਕਿ ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ ’ਚ ‘ਆਪ’ ਦੀ ਹੋਈ ਹਾਰ ਦਾ ਲੋਕਾਂ ਤੋਂ ਬਦਲਾ ਲੈਣ ਲਈ ਹੀ ਬਿਜਲੀ ਬਿੱੱਲਾਂ ਦੀਆਂ ਦਰਾਂ ’ਚ ਇਹ ਵਾਧਾ ਕੀਤਾ ਹੈ।