

ਜ਼ਿਲ੍ਹਾ ਪ੍ਰਸ਼ਾਸਨ ਨੇ ਰੌਸ਼ਨਵਾਲਾ ਵਿਖੇ ਮਨਾਇਆ ਵਣ ਮਹਾਂਉਤਸਵ ਡੀ.ਸੀ ਜਤਿੰਦਰ ਜੋਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਅਸ਼ੋਕ ਸਿੰਗਲਾ, ਚੇਅਰਮੈਨ ਅਵਤਾਰ ਸਿੰਘ ਈਲਵਾਲ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਲਾਏ ਬੂਟੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਕੀਤੀ ਅਪੀਲ ਰੌਸ਼ਨਵਾਲਾ/ਭਵਾਨੀਗੜ੍ਹ, 6 ਅਗਸਤ : ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ ਹੈ ਅਤੇ ਇਸ ਟੀਚੇ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪਿੰਡ ਰੌਸ਼ਨਵਾਲਾ ‘ਚ ਬਣੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਸਰਕਾਰੀ ਕਾਲਜ ਵਿੱਚ ਜ਼ਿਲਾ ਪੱਧਰੀ ਵਣਮਹਾਂਉਤਸਵ ਮੌਕੇ ਬੂਟੇ ਲਾਉਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਵੀ ਬੂਟੇ ਲਾਉਣ ਦੀ ਮੁਹਿੰਮ ਵਿੱਚ ਹਿੱਸਾ ਪਾਇਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੀ ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇ ਵਾਤਾਵਰਨ ਸਾਫ਼ ਹੋਵੇਗਾ ਤਾਂ ਅਸੀਂ ਸਾਫ਼ ਹਵਾ ਵਿੱਚ ਸਾਹ ਲੈ ਸਕਾਂਗੇ ਤੇ ਬਿਮਾਰੀਆਂ ਤੋਂ ਬਚੇ ਰਹਾਂਗੇ। ਇਸ ਦੇ ਨਾਲ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼ ਸੁਥਰਾ ਤੇ ਹਰਿਆਵਲ ਭਰਪੂਰ ਵਾਤਾਵਰਨ ਮਿਲ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ, ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ 'ਤੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸੰਗਰੂਰ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਬਹੁਤ ਹੀ ਚੰਗਾ ਮੌਸਮ ਹੈ, ਜਿਸ ਵਿਚ ਬਹੁਤ ਸਾਰੇ ਬੂਟੇ ਲਗਾਏ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਗ੍ਰੀਨ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਸਾਂਭ ਸੰਭਾਲ ਵਿੱਚ ਸਹਿਯੋਗ ਵੀ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐੱਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਆਦਿੱਤਿਆ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਕਾਲਜ ਪ੍ਰਿੰਸੀਪਲ ਤੇ ਸਟਾਫ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.