ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਲੇਰਕੋਟਲਾ ਦੇ ਸਟਰਾਂਗ ਰੂਮਾਂ ਦੇ ਸੁਰ
- by Jasbeer Singh
- December 15, 2025
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਲੇਰਕੋਟਲਾ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਡਿਪਟੀ ਕਮਿਸ਼ਨਰ ਨੇ ਗਿਣਤੀ ਲਈ ਕੀਤੇ ਇੰਤਜ਼ਾਮਾਂ ਦੀ ਵੀ ਕੀਤੀ ਸਮੀਖਿਆ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਤੇ ਪਾਰਦਰਸ਼ੀ ਬੰਦੋਬਸਤ – ਡਿਪਟੀ ਕਮਿਸ਼ਨਰ ਮਾਲੇਰਕੋਟਲਾ, 15 ਦਸੰਬਰ 2025 : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮਾਲੇਰਕੋਟਲਾ ਲਈ ਸਥਾਨਕ ਸਰਕਾਰੀ ਕਾਲਜ ਵਿਖੇ ਸਥਾਪਿਤ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ 17 ਦਸੰਬਰ 2025 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਸੁਰੱਖਿਆ ਅਤੇ ਪ੍ਰਸ਼ਾਸਕੀ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮਾਲੇਰਕੋਟਲਾ ਦੇ ਰਿਟਰਨਿੰਗ ਅਫ਼ਸਰ ਕਮ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਐਸ.ਡੀ.ਓ. (ਇੰਜੀ.) ਅਮਨਦੀਪ, ਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਤੋਂ ਬਾਅਦ ਸਾਰੇ ਵੋਟਿੰਗ ਬਕਸੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਸਟਰਾਂਗ ਰੂਮਾਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੇ ਗਏ ਹਨ। ਸਟਰਾਂਗ ਰੂਮਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਸੁਰੱਖਿਆ ਮੁਲਾਜਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਅੰਦਰ ਦਾਖ਼ਲੇ ਦੀ ਆਗਿਆ ਨਹੀਂ ਹੈ। ਤਾਇਨਾਤ ਪੁਲਿਸ ਕਰਮਚਾਰੀਆਂ ਲਈ ਡਿਊਟੀ ਰੋਸਟਰ/ਲਾਗਬੁੱਕ ਵੀ ਲਾਗੂ ਹੈ । ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਟਰਾਂਗ ਰੂਮ ਤੋਂ ਕਾਊਂਟਿੰਗ ਹਾਲ ਤੱਕ ਜਾਣ ਵਾਲੇ ਸਾਰੇ ਰਸਤੇ ’ਤੇ ਵੀ ਸੀਸੀਟੀਵੀ ਕੈਮਰੇ ਲਗਾਏ ਜਾਣ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਊਂਟਿੰਗ ਏਜੰਟਾਂ ਦੇ ਪਛਾਣ ਪੱਤਰ ਸਬੰਧਤ ਰਿਟਰਨਿੰਗ ਅਫ਼ਸਰ (ਆਰ.ਓ.) ਰਾਹੀਂ ਸਮੇਂ ਸਿਰ ਤਿਆਰ ਕਰਵਾਉਣ। ਉਨ੍ਹਾਂ ਕਿਹਾ ਕਿ ਕਾਊਂਟਿੰਗ ਏਜੰਟ ਗਿਣਤੀ ਸ਼ੁਰੂ ਹੋਣ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਗਿਣਤੀ ਕੇਂਦਰ ’ਤੇ ਹਾਜ਼ਰ ਹੋਣ। ਉਨ੍ਹਾਂ ਦੱਸਿਆ ਕਿ ਨਿਰਵਿਘਨ ਗਿਣਤੀ ਲਈ ਕਾਊਂਟਿੰਗ ਹਾਲ ਵਿੱਚ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7) ਸਥਾਪਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕਾਊਂਟਿੰਗ ਸਟਾਫ਼, ਸੁਰੱਖਿਆ, ਆਵਾਜਾਈ ਅਤੇ ਪਾਰਕਿੰਗ ਆਦਿ ਸਬੰਧੀ ਵੀ ਪੁਖ਼ਤੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ । ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਅਮਰਗੜ੍ਹ ਲਈ ਸਰਕਾਰੀ ਕਾਲਜ ਅਮਰਗੜ੍ਹ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਲਈ ਸਰਕਾਰੀ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਵੋਟਾਂ ਦੀ ਗਿਣਤੀ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਈ ਜਾ ਸਕੇ।
