ਸੜਕ ਹਾਦਸਿਆਂ ‘ਤੇ ਨੱਥ ਪਾਉਣ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਸਮੀਖਿਆ ਮੀਟਿੰਗ
- by Jasbeer Singh
- December 23, 2025
ਸੜਕ ਹਾਦਸਿਆਂ ‘ਤੇ ਨੱਥ ਪਾਉਣ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਸਮੀਖਿਆ ਮੀਟਿੰਗ ਵੱਧ ਹਾਦਸੇ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਟਰੈਫਿਕ ਪ੍ਰਬੰਧ ਸੁਧਾਰਨ ਦੇ ਨਿਰਦੇਸ਼-ਏ.ਡੀ.ਸੀ. ਨਵਰੀਤ ਕੌਰ ਸੇਖੋਂ ਮਾਲੇਰਕੋਟਲਾ, 23 ਦਸੰਬਰ 2025 : ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸੜਕ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਗਰ ਕੌਂਸਲ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਦੀ ਟੈਗਿੰਗ ਕਰਕੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਸੰਭਾਲਿਆ ਜਾਵੇ। ਨਾਲ ਹੀ ਸਕੂਲਾਂ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਤਾਂ ਜੋ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਦੀ ਜਾਂਚ ਕੀਤੀ ਜਾ ਸਕੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵੱਧ ਹਾਦਸੇ ਵਾਲੀਆਂ ਥਾਵਾਂ (ਬਲੈਕ ਸਪਾਟਸ) ਦੀ ਪਛਾਣ ਕਰਕੇ ਉੱਥੇ ਟਰੈਫਿਕ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ, ਟਰੈਫਿਕ ਲਾਈਟਾਂ ਦੀ ਸੁਚਾਰੂ ਕਾਰਗੁਜ਼ਾਰੀ, ਜੈਬਰਾ ਕਰਾਸਿੰਗਾਂ ਦੀ ਨਿਸ਼ਾਨਦੇਹੀ ਅਤੇ ਸਾਈਨ ਬੋਰਡਾਂ ਦੀ ਸਥਾਪਨਾ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ ਤਾਂ ਜੋ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ । ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੀਆਂ ਸਮੂਹ ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਹੈਲਪਰਾਂ ਦੀ ਅੱਖਾਂ ਦੀ ਜਾਂਚ ਕਰਵਾਈ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਉਣ ਲਈ ਕਿਹਾ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਰੀਜਨਲ ਟਰਾਂਸਪੋਰਟ ਅਫ਼ਸਰ ਕਮ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ ਸਤੀਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
