
ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
- by Jasbeer Singh
- January 2, 2025

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ ਨਗਰ ਨਿਗਮ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਪਾਸੋਂ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ । ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ. ਈ. ਓ. ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ । ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ । ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜਲਦੀ ਤੋਂ ਜਲਦੀ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ । ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਅਧੀਨ ਅਲਾਟ ਹੋਈ ਰਾਸ਼ੀ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਖਰਚ ਕੀਤਾ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ । ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ । ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ. ਐਮ. ਆਈ. ਡੀ. ਸੀ. ਦੇ ਸੀ. ਈ. ਓ. ਦੀਪਤੀ ਉੱਪਲ, ਮਿਉਂਸੀਪਲ ਕਮਿਸ਼ਨਰ ਅਤੇ ਸੀ. ਈ. ਓ. ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।