ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਪਹੁੰਚਿਆ ਦੁਬ
- by Jasbeer Singh
- September 6, 2024
ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਪਹੁੰਚਿਆ ਦੁਬਈ ਤੋਂ ਅੰਮ੍ਰਿਤਸਰ ਮਜੀਠਾ : ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ, ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ. ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਮ੍ਰਿਤਕ ਦੇ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ, ਰਵੀਸ਼ੇਰ ਸਿੰਘ, ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ਸੀ। ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ।ਪੀੜਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.