
ਨਸ਼ਾ ਮੁਕਤੀ ਯਾਤਰਾ ਸਦਕਾ ਸੂਬੇ 'ਚੋਂ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ : ਅਜੀਤਪਾਲ ਸਿੰਘ ਕੋਹਲੀ
- by Jasbeer Singh
- May 30, 2025

ਨਸ਼ਾ ਮੁਕਤੀ ਯਾਤਰਾ ਸਦਕਾ ਸੂਬੇ 'ਚੋਂ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ : ਅਜੀਤਪਾਲ ਸਿੰਘ ਕੋਹਲੀ -ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ 'ਚ ਵਾਰਡ 36, 53 ਤੇ 33 ਦੇ ਵਸਨੀਕਾਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਅਹਿਦ -ਨੌਜਵਾਨ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ : ਅਜੀਤਪਾਲ ਸਿੰਘ ਕੋਹਲੀ ਪਟਿਆਲਾ, 30 ਮਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਪਰ ਹੋਈਆਂ ਮਿਸਾਲੀ ਕਾਰਵਾਈਆਂ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਹੈ ਅਤੇ ਨਸ਼ਾ ਤਸਕਰ ਨੂੰ ਜੇਲ੍ਹਾਂ 'ਚ ਪਹੁੰਚਾ ਦਿੱਤਾ ਹੈ। ਵਿਧਾਇਕ ਕੋਹਲੀ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਵਾਰਡ ਨੰਬਰ 36, 53 ਤੇ 33 ਦੇ ਵਸਨੀਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਇਸ ਲੜਾਈ 'ਚ ਲਾਮਬੰਦ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ, ਹਰਮਨ ਸੰਧੂ ਤੇ ਗੀਤਾ ਦੇਵੀ ਵੀ ਮੌਜੂਦ ਸਨ। ਵਾਰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁਟ ਹੋਣ ਦਾ ਹਲਫ਼ ਦਿਵਾਉਂਦਿਆਂ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਤੇ ਹੁਣ ਪਿੰਡਾਂ ਤੇ ਵਾਰਡਾਂ ਦੇ ਮੋਹਤਬਰ ਵਿਅਕਤੀ ਅਜਿਹੇ ਤਸਕਰਾਂ ਦੀ ਜ਼ਮਾਨਤ ਵੀ ਨਹੀਂ ਕਰਵਾਉਂਦੇ, ਜਿਸ ਸਦਕਾ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਆਪਣਾ ਕਾਰੋਬਾਰ ਬੰਦ ਕਰਕੇ ਸੂਬਾ ਛੱਡਕੇ ਜਾਣ ਲੱਗੇ ਹਨ । ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਲ ਕਰਨ ਲਈ ਵੀ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਕਿਸੇ ਕੰਮ ਦੀ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ । ਹਲਕਾ ਵਿਧਾਇਕ ਨੇ ਲੋਕਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ਦੇ ਵਾਰਡ 'ਚ ਕੋਈ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਜਾਂ ਫੇਰ ਵਾਰਡ ਡਿਫੈਂਸ ਕਮੇਟੀ ਨਾਲ ਸਾਂਝੀ ਕੀਤੀ ਜਾਵੇ ਅਤੇ ਨਸ਼ਾ ਕਰਨ ਵਾਲੇ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਲੜਾਈ ਨੂੰ ਜਿੱਤਣ ਲਈ ਹਰੇਕ ਪੰਜਾਬੀ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਵਾਰਡ 36 ਦੇ ਕੌਂਸਲਰ ਹਰਪ੍ਰੀਤ ਸਿੰਘ, ਵਾਰਡ 53 ਤੋਂ ਹਰਮਨ ਸੰਧੂ ਤੇ ਵਾਰਡ 33 ਤੋਂ ਗੀਤਾ ਦੇਵੀ ਸਮੇਤ ਵੱਡੀ ਗਿਣਤੀ ਮੁਹੱਲਾ ਵਾਸੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.