ਖ਼ਾਲਸਾ ਕਾਲਜ ਪਟਿਆਲਾ ਵਿਖੇ “ਨਸ਼ਾ ਮੁਕਤ ਭਾਰਤ ਪਖਵਾੜਾ”ਮਨਾਇਆ ਗਿਆ ਪਟਿਆਲਾ, 28 ਜੂਨ : ਅਖਿਲ ਭਾਰਤੀ ਤਕਨੀਕੀ ਸਿੱਖਿਆ ਪ੍ਰੀਸ਼ਦ (193“5) ਅਤੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਪਟਿਆਲਾ ਦੇ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਵਿਭਾਗ ਅਤੇ ਬੱਡੀ ਗਰੁੱਪ ਨੇ ਸਾਂਝੇ ਤੌਰ ’ਤੇ “ਨਸ਼ਾ ਮੁਕਤ ਭਾਰਤ ਪਖਵਾੜਾ”ਮਨਾਇਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨਾ ਸੀ। ਸੰਯੁਕਤ ਰਾਸ਼ਟਰ ਵੱਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਦਿਵਸ ਵਜੋਂ ਮਨਾਇਆ ਜਾਂਦਾ ਹੈ, ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ “ਨਸ਼ਾ ਮੁਕਤ ਭਾਰਤ”ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਇਹ ਪਹਿਲਕਦਮੀ ਕੀਤੀ ਗਈ। ਖ਼ਾਲਸਾ ਕਾਲਜ ਪਟਿਆਲਾ ਵਿਖੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਐਨਐਸਐਸ ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ, ਡਾ. ਜਗਤਾਰ ਸਿੰਘ ਅਤੇ ਡਾ. ਸਪਨਾ ਨੇ ਵਿਦਿਆਰਥੀਆਂ ਨਾਲ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੇ ਸਮਾਜਿਕ ਤੇ ਵਿਅਕਤੀਗਤ ਨੁਕਸਾਨਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਬੱਡੀ ਗਰੁੱਪ ਦੇ ਇੰਚਾਰਜ ਡਾ. ਗੋਰਖ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਰੁੱਧ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੋਤਸਾਹਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਸਹੁੰ ਵੀ ਚੁੱਕੀ, ਜਿਸ ਵਿੱਚ ਉਨ੍ਹਾਂ ਨੇ ਨਸ਼ੇ ਨਾ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਖਾਧੀ। ਇਸ ਤੋਂ ਇਲਾਵਾ, “ਮਿਸ਼ਨ-ਡਰੱਗ ਫਰੀ ਕੈਂਪਸ”ਦੇ ਹਿੱਸੇ ਵਜੋਂ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ, ਪ੍ਰਮੁੱਖ ਸਖਸ਼ੀਅਤਾਂ ਅਤੇ ਸੰਸਥਾ ਦੇ ਮੁਖੀਆਂ ਵੱਲੋਂ ਨਸ਼ਾ ਵਿਰੋਧੀ ਸੁਨੇਹੇ ਵੀ ਜਾਰੀ ਕੀਤੇ ਗਏ, ਜੋ ਵੀਡੀਓ ਸੁਨੇਹਿਆਂ ਦੇ ਰੂਪ ਵਿੱਚ ਪ੍ਰਸਾਰਿਤ ਕੀਤੇ ਗਏ। ਇਹ ਪ੍ਰੋਗਰਾਮ ਸਮਾਜ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਅਤੇ “ਨਸ਼ਾ ਮੁਕਤ ਭਾਰਤ”ਦੇ ਸੁਪਨੇ ਨੂੰ 2047 ਤੱਕ ਸਾਕਾਰ ਕਰਨ ਵਿੱਚ ਇੱਕ ਅਹਿਮ ਕਦਮ ਸਾਬਤ ਹੋਇਆ। ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਸਮਾਜਿਕ ਮੁਹਿੰਮਾਂ ਵਿੱਚ ਹੋਰ ਵੀ ਹਿੱਸਾ ਲੈਣ ਦੀ ਅਪੀਲ ਕੀਤੀ।
