post

Jasbeer Singh

(Chief Editor)

Punjab

ਪੰਜਾਬ ਪੁਲਿਸ ਕਰੇਗੀ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ......

post-img

(23-JULY-2024) :ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ (Gurdaspur) ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ‘ਮਿਸ਼ਨ ਨਿਸ਼ਚੇ’ ਤਹਿਤ ਵਿਸ਼ੇਸ਼ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਸਰਹੱਦੀ ਪਿੰਡਾਂ (Border villages) ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ ਦੀ ਸਾਂਝੀ ਟੀਮ ਅਤੇ ਪੁਲਿਸ ਵਿਭਾਗ ਦੀ ਟੀਮ ਦਰਮਿਆਨ ਇੱਕ ਕ੍ਰਿਕਟ ਮੈਚ ਕਰਵਾਇਆ ਗਿਆ। ਇਸ ਰੁਮਾਂਚਕ ਮੈਚ ਵਿੱਚ ਸਰਹੱਦੀ ਪਿੰਡਾਂ ਦੀ ਕ੍ਰਿਕੇਟ ਟੀਮ (Cricket Team) ਜੇਤੂ ਰਹੀ।ਇਸ ਮੈਚ ਨੂੰ ਦੇਖਣ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਐੱਸ.ਐੱਸ.ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਅਤੇ ਹੋਰ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਿਤ ਹੁੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਓਥੇ ਨੌਜਵਾਨਾਂ ਵਿੱਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਨਸ਼ਿਆਂ ਦੀ ਦਲ-ਦਲ ਵਿੱਚ ਨਾ ਫਸਣ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਮੈਚ ਕਰਵਾਉਣ ਦਾ ਮਕਸਦ ਵੀ ਏਹੀ ਹੈ ਕਿ ਨੌਜਵਾਨ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ‘ਨਸ਼ਿਆਂ ਨੂੰ ਨਾਂਹ, ਪੰਜਾਬ ਨੂੰ ਹਾਂ’ ਦਾ ਨਾਅਰਾ ਵੀ ਦਿੱਤਾ ਗਿਆ। ਕ੍ਰਿਕੇਟ ਮੈਚ ਦੀ ਜੇਤੂ ਟੀਮ ਅਤੇ ਰਨਰ ਅੱਪ ਟੀਮ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਿਸ ਨੂੰ ਦੇਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ।

Related Post