ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਅੱਜ ਚਾਰ ਜੂਨ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਗੀਝੇ ਖਾਲੀ ਹਨ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨਿਆਂ ਵਿੱਚ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਦਸ ਬਾਰਾਂ ਤਾਰੀਕਾਂ ਤੱਕ ਅੱਪੜਦੀਆਂ ਕੀਤੀਆਂ ਗਈਆਂ ਸਨ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਕਿਸੇ ਵੀ ਚੀਜ਼ ਲਈ ਕਿਸੇ ਵੀ ਬੰਦੇ ਨੂੰ ਧਰਨਾ ਦੇਣ ਦੀ ਲੋੜ ਨਹੀਂ ਪਏਗੀ ਪਰ ਤਨਖਾਹਾਂ ਨਾ ਮਿਲਣ ਕਰ ਕੇ ਮੁਲਾਜ਼ਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦੇ ਰੌਂਅ ਵਿੱਚ ਹਨ। ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ਚਲਾਉਣ ਲਈ ਕਰੋੜਾਂ ਰੁਪਏ ਦੇ ਕਰਜ਼ੇ ਲਏ ਜਾ ਰਹੇ ਹਨ ਪਰ ਮੁਲਾਜ਼ਮਾਂ ਨੂੰ ਤਨਖਾਹ ਦੇਣ ਲੱਗੇ ਖਜ਼ਾਨੇ ਖਾਲੀ ਹਨ। ਇਸ ਮੌਕੇ ਪਰਮਜੀਤ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਕੰਵਲ ਨੈਨ ਸਮਾਣਾ, ਭੁਪਿੰਦਰ ਸਿੰਘ ਕੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਰ ਕੇ ਲੋਕ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਨੇ ਸ਼ੀਸ਼ਾ ਦਿਖਾ ਦਿੱਤਾ ਹੈ ਜੇਕਰ ਇਸੇ ਤਰ੍ਹਾਂ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਵਤੀਰਾ ਰਿਹਾ ਤਾਂ ਆਉਂਦੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢੇ ਜਾਣਗੇ। ਇਸ ਮੌਕੇ ਸਾਥੀ ਦੀਦਾਰ ਸਿੰਘ ਪਟਿਆਲਾ, ਹਰਦੀਪ ਸਿੰਘ ਪਟਿਆਲਾ, ਟਹਿਲਬੀਰ ਸਿੰਘ, ਮਨਦੀਪ ਸਿੰਘ ਕਾਲੇਕੇ, ਜਗਪ੍ਰੀਤ ਸਿੰਘ ਭਾਟੀਆ, ਨਿਰਭੈ ਸਿੰਘ ਘਨੌਰ, ਸ਼ਿਵਪ੍ਰੀਤ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.