July 6, 2024 01:49:30
post

Jasbeer Singh

(Chief Editor)

Patiala News

ਡੀਟੀਐੱਫ ਵੱਲੋਂ ਸਿਹਤ ਮੰਤਰੀ ਦੇ ਦਫ਼ਤਰ ਅੱਗੇ ਪੁਤਲਾ ਫੂਕ ਪ੍ਰਦਰਸ਼ਨ

post-img

ਵਿਭਾਗੀ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅੱਜ ਪੰਜਾਬ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਸਾੜੇ ਗਏ। ਇਸੇ ਕੜੀ ਵਜੋਂ ਜਥੇਬੰਦੀ ਨੇ ਇਥੇ ਲੋਕ ਸਭਾ ਹਲਕਾ ਪਟਿਆਲਾ ਤੋਂ ‘ਆਪ’ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਫੂਕਿਆ। ਇਸ ਦੌਰਾਨ ਮੰਤਰੀ ਡਾ. ਬਲਬੀਰ ਸਿੰਘ ਦੇ ਪੀਏ ਜਸਵੀਰ ਗਾਂਧੀ ਵੱਲੋਂ ਮੁੱਖ ਮੰਤਰੀ ਦੇ ਨਾਂ ‘ਵਿਰੋਧ ਪੱਤਰ’ ਅਤੇ ਸਵਾਲਨਾਮਾ ਪ੍ਰਾਪਤ ਕਰਦਿਆਂ ਡਾ. ਬਲਬੀਰ ਸਿੰਘ ਨਾਲ 15 ਮਈ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਡੀਟੀਐੱਫ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਆਗੂ ਹਰਦੀਪ ਟੋਡਰਪੁਰ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਰੱਖੜਾ, ਸਕੱਤਰ ਜਸਪਾਲ ਖਾਂਗ ਤੇ ਵਿੱਤ ਸਕੱਤਰ ਰਾਜਿੰਦਰ ਸਮਾਣਾ ਨੇ ਕਿਹਾ ਕਿ ਬੇਬੁਨਿਆਦ ਦੋਸ਼ ਲਗਾ ਕੇ ਅਧਿਆਪਕ ਨਰਿੰਦਰ ਭੰਡਾਰੀ ਅਤੇ ਰਵਿੰਦਰ ਕੰਬੋਜ ਦੀਆਂ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਦੂਜੇ ਪਾਸੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਘਿਰੀ ਬੀਪੀਈਓ ਖ਼ਿਲਾਫ਼ ਪੁਖ਼ਤਾ ਸਬੂਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 14 ਮਾਰਚ ਨੂੰ ਹੋਈ ਮੀਟਿੰਗ ਵਿੱਚ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦੇਣ ਦੇ ਬਾਵਜੂਦ ਦੋ ਮਹੀਨੇ ਮਗਰੋਂ ਵੀ ਕੋਈ ਕਰਵਾਈ ਨਾ ਕਰਨ ਦੀ ਨਿੰਦਾ ਕੀਤੀ ਗਈ। ਅਧਿਆਪਕ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਟੀਐਫ ਨੇ ਮਈ ਦੇ ਅਖਰੀਲੇ ਹਫਤੇ ਆਨੰਦਪੁਰ ਸਾਹਿਬ ਵਿੱਚ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਵੀ ਲਿਆ ਹੈ।

Related Post