July 6, 2024 01:34:53
post

Jasbeer Singh

(Chief Editor)

Punjab, Haryana & Himachal

Lok Sabha Election: ਪ੍ਰਿੰਟਿੰਗ ਪ੍ਰੈੱਸ ਵਾਲਿਆਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤੀ ਐਡਵਾਈਜ਼ਰੀ, ਜੇ ਨਾ ਪਾਲਣਾ ਕੀਤਾ ਤਾ

post-img

ਨਵਾਂ ਸ਼ਹਿਰ : ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਤੌਰ ਤੇ ਛਾਪਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਹੈ ਕਿ ਕੋਈ ਵੀ ਪ੍ਰਚਾਰ ਸਮਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਜ਼ਿਲਾ ਚੋਣ ਅਫਸਰ ਨੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫ਼ਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈੱਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮੈਟੀਰੀਅਲ ਨਹੀਂ ਛਾਪਿਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪ੍ਰਿੰਟ ਕਰਨ ਤੋਂ ਪਹਿਲਾਂ ਪ੍ਰਿੰਟ ਕਰਵਾਉਣ ਵਾਲੇ ਪਬਲਿਸ਼ਰ ਤੋਂ ਅਪੈਂਡਿਕਸ-ਏ ਵਿਚ ਡਿਕਲਾਰੇਸ਼ਨ ਲਿਆ ਜਾਵੇ, ਜੋ ਕਿ ਪਬਲਿਸ਼ਰ ਨੂੰ ਚੰਗੀ ਤਰ੍ਹਾਂ ਜਾਣਦਾ ਹੋਵੇ ਅਤੇ 2 ਵਿਅਕਤੀਆਂ ਦੁਆਰਾ ਤਸਦੀਕ ਹੋਵੇ। ਇਸ ਡੈਕਲਾਰੇਸ਼ਨ ਦੀਆਂ 2 ਕਾਪੀਆਂ ਲਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਿੰਟਰ ਦੁਆਰਾ ਆਪਣੇ ਹਸਤਾਖ਼ਰ ਕਰਕੇ ਇਹ ਡੈਕਲਾਰੇਸ਼ਨ ਅਤੇ ਪ੍ਰਿੰਟਿੰਗ ਉੱਤੇ ਹੋਏ ਖ਼ਰਚੇ ਸਬੰਧੀ ਵੇਰਵਾ, ਜੋ ਅਪੈਂਡਿਕਸ-ਬੀ ਵਿਚ ਹੋਣਾ ਚਾਹੀਦਾ ਹੈ, ਸਮੇਤ ਪ੍ਰਿੰਟ ਕੀਤੇ ਗਏ ਮੈਟੀਰੀਅਲ ਦੀਆਂ ਕਾਪੀਆਂ ਇਲੈੱਕਸ਼ਨ ਐਕਪੈਂਡੀਚਰ ਮੋਨੀਟਰਿੰਗ ਟੀਮ (ਵਧੀਕ ਡਿਪਟੀ ਕਮਿਸ਼ਨਰ (ਜ)) ਨੂੰ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਸੂਚਨਾ ਪ੍ਰਿੰਟਿੰਗ ਦੇ ਤਿੰਨ ਦਿਨਾਂ ਦੇ ਅੰਦਰ-ਅੰਦਰ ਆਉਣੀ ਲਾਜ਼ਮੀ ਹੈ। ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਧਾਰਾ ਦੀ ਸੈਕਸ਼ਨ 127 (ਏ) 6 ਮਹੀਨੇ ਦੀ ਕੈਦ ਅਤੇ 2000 ਰੁਪਏ ਤੱਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਇਸ ਵਿਚ ਸਬੰਧਿਤ ਪ੍ਰਿੰਟਰ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਪ੍ਰਿੰਟਿੰਗ ਪ੍ਰੈੱਸ ਦੇ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਉਪਰੋਕਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

Related Post