
ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ
- by Jasbeer Singh
- September 28, 2024

ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿਆਂਗੇ : ਧਾਮੀ ਅੰਮ੍ਰਿਤਸਰ : ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਐਮਰਜੈਂਸੀ ਫ਼ਿਲਮ ਪੰਜਾਬ ’ਚ ਨਹੀਂ ਚੱਲਣ ਦਿੱਤੀ ਜਾਵੇਗੀ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ ਐਮਰਜੈਂਸੀ ਨੂੰ ਮੂਲੋਂ ਰੱਦ ਕੀਤਾ ਜਾਵੇ ਅਤੇ ਇਸ ’ਤੇ ਪੂਰਨ ਰੋਕ ਲਗਾਈ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਵਿਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ । ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫ਼ਿਲਮ ਉੱਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ, ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ।ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।