post

Jasbeer Singh

(Chief Editor)

Patiala News

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਰਵਾਏਗਾ ਰੋਜ਼ਗਾਰ ਦੇ ਮੌਕੇ ਪ੍ਰਦਾਨ

post-img

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਰਵਾਏਗਾ ਰੋਜ਼ਗਾਰ ਦੇ ਮੌਕੇ ਪ੍ਰਦਾਨ -ਸਮਾਜ ਦੀ ਮੁੱਖਧਾਰਾ 'ਚ ਸ਼ਾਮਲ ਹੋਏ ਨੌਜਵਾਨਾਂ ਦੇ ਪੁਨਰਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਨਵੀਂ ਪਹਿਲਕਦਮੀ -ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ -ਐਸ. ਡੀ. ਐਮਜ਼. ਤੇ ਡੀ. ਐਸ. ਪੀਜ਼ ਆਪਣੇ ਖੇਤਰ 'ਚ ਚਲਾਉਣ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਪਟਿਆਲਾ, 4 ਦਸੰਬਰ : ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖਧਾਰਾ 'ਚ ਸ਼ਾਮਲ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ, ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ । ਏ. ਡੀ. ਸੀ. ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਇਲਾਜ ਕਰਵਾਉਣ ਤੋਂ ਬਾਅਦ ਠੀਕ ਹੋ ਚੁੱਕੇ ਹਨ, ਉਨ੍ਹਾਂ ਨਾਲ ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰਾਬਤਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਨਾਲ ਜੋੜਿਆ ਜਾ ਸਕੇ । ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਹਰੇਕ ਮਹੀਨੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਬੁਲਾਇਆ ਜਾਵੇਗਾ ਅਤੇ ਜਿਹੜੇ ਨੌਜਵਾਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਹੈ, ਉਨ੍ਹਾਂ ਨੂੰ ਸਿਖਲਾਈ ਦੇਣ ਅਤੇ ਬੈਂਕ ਕਰਜ਼ੇ ਆਦਿ ਦਿਵਾਉਣ ਲਈ ਵੀ ਬਿਊਰੋ ਵੱਲੋਂ ਸਹਾਇਤਾ ਕੀਤੀ ਜਾਵੇਗੀ । ਬੈਠਕ ਦੌਰਾਨ ਏ. ਡੀ. ਸੀ. ਇਸ਼ਾ ਸਿੰਗਲ ਨੇ ਐਸ. ਡੀ. ਐਮਜ਼ ਅਤੇ ਡੀ. ਐਸ. ਪੀਜ਼ ਨੂੰ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਪਹਿਲਾਂ ਹੀ ਪਹਿਚਾਣ ਕੀਤੇ ਅਤੇ ਹੋਰ ਸੰਭਾਵਤ ਹਾਟਸਪਾਟ ਖੇਤਰਾਂ ਵਿਖੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ । ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ 'ਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਲਈ ਕਿਹਾ । ਮੀਟਿੰਗ 'ਚ ਡੀ. ਐਸ. ਪੀ. ਰਾਜੇਸ਼ ਮਲਹੋਤਰਾ, ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਇੰਸਪੈਕਟਰ ਸਰਪ੍ਰੀਤ ਕੌਰ ਕੌੜਾ, ਸਮਾਜ ਸੇਵੀ ਜਤਵਿੰਦਰ ਗਰੇਵਾਲ ਤੇ ਪਰਮਿੰਦਰ ਭਲਵਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Related Post