post

Jasbeer Singh

(Chief Editor)

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ

post-img

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ ਚੰਡੀਗੜ੍ਹ, 29 ਅਗਸਤ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਖੇਤੀਬਾੜੀ ਨੀਤੀ ਨੂੰ ਹਰੀ ਝੰਡੀ ਨਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਿਆ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਪ੍ਰਵਾਨਗੀ ਲਈ ਮੁੱਖ ਮੰਤਰੀ ਦੇ ਦਫ਼ਤਰ ਵਿਚ ਫਸੇ ਹੋਏ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਹਾਲਾਂਕਿ, ਮੁੱਖ ਮੰਤਰੀ ਮਾਨ ਨੇ ਅਜੇ ਤੱਕ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ, ਇਸ ਤੱਥ ਦੇ ਬਾਵਜੂਦ ਕਿ ਉਨ੍ਹਾਂ ਨੇ ਸੂਬੇ ਵਿੱਚ ਖੇਤੀਬਾੜੀ ਸੁਧਾਰ ਲਿਆਉਣ ਦਾ ਵਾਅਦਾ ਕੀਤਾ ਸੀ। ਇਸ ਮਾਮਲੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਨਵਰੀ 2023 ਵਿਚ ਪੰਜਾਬ ਦੇ ਉਸ ਵੇਲੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਅਤੇ 31 ਮਾਰਚ, 2023 ਤੱਕ ਖੇਤੀਬਾੜੀ ਨੀਤੀ ਲਾਗੂ ਕਰਨ ਦਾ ਐਲਾਨ ਕੀਤਾ ਸੀ। ਬਾਜਵਾ ਨੇ ਕਿਹਾ ਕਿ ਖੇਤੀਬਾੜੀ ਨੀਤੀ ਦਾ ਖਰੜਾ ਅਜੇ ਵੀ ਮੁੱਖ ਮੰਤਰੀ ਦਫ਼ਤਰ ਵਿੱਚ ਧੂੜ ਫੱਕ਼ ਰਿਹਾ ਹੈ। ਜ਼ਿਕਰਯੋਗ ਹੈ ਕਿ 11 ਮੈਂਬਰੀ ਕਮੇਟੀ ਵਿੱਚ ਖੇਤੀਬਾੜੀ ਸਕੱਤਰ ਰਾਹੁਲ ਤਿਵਾੜੀ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸਐਸ ਗੋਸਲ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਅਤੇ ਅਰਥ ਸ਼ਾਸਤਰੀ ਡਾ. ਸੁੱਚਾ ਸਿੰਘ ਗਿੱਲ ਸ਼ਾਮਲ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਨੀਤੀ ਲਾਗੂ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਤੋਂ ਬਾਅਦ ਹੁਣ ਕਿਸਾਨ ਯੂਨੀਅਨ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

Related Post