ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਦੀ ਵੋਟਿੰਗ ਮੁਕੰਮਲ ਹੋਣ ਤੋਂ ਬਾਅਦ ਈਵੀਐੱਮ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੈਕਟਰ-26 ਵਿੱਚ ਸਥਿਤ ਸੀਸੀਈਟੀ ਵਿੱਚ ਰੱਖ ਦਿੱਤਾ ਹੈ। ਜਿੱਥੇ ਚੰਡੀਗੜ੍ਹ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਸੈਂਕੜੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉੱਧਰ, ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਵੱਲੋਂ ਖ਼ੁਦ ਸਮੇਂ-ਸਮੇਂ ’ਤੇ ਈਵੀਐੱਮ ਵਾਲੇ ਕੰਟਰੋਲ ਰੂਮ ਦੇ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਵੱਲੋਂ ਈਵੀਐੱਮਜ਼ ਵਾਲੇ ਕੰਟਰੋਲ ਰੂਮ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਨੇ ਕੰਟਰੋਲ ਰੂਮ ਦੇ ਆਲੇ-ਦੁਆਲੇ ਵੀ ਸੀਸੀਟੀਵੀ ਕੈਮਰੇ ਲਗਾਏ ਹੋਏ ਹਨ, ਜਿਸ ਰਾਹੀਂ 24 ਘੰਟੇ ਉੱਚ ਅਧਿਕਾਰੀ ਈਵੀਐੱਮਜ਼ ’ਤੇ ਨਜ਼ਰ ਰੱਖ ਰਹੇ ਹਨ। ਇਹ ਈਵੀਐੱਮਜ਼ ਚਾਰ ਜੂਨ ਨੂੰ ਸਵੇਰੇ ਸਾਰੇ ਉਮੀਦਵਾਰਾਂ ਦੀ ਮੌਜੂਦਗੀ ਵਿੱਚ ਖੋਲ੍ਹੀਆਂ ਜਾਣਗੀਆਂ, ਜਿਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ ਤੇ ਜੇਤੂ ਨੂੰ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਰਟੀਫਿਕੇਟ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਚੰਡੀਗੜ੍ਹ ਦੇ 6,59,805 ਵੋਟਰਾਂ ਵਿੱਚੋਂ 4,48,547 ਵੋਟਰਾਂ ਵੱਲੋਂ ਸ਼ਹਿਰ ਦੇ 614 ਪੋਲਿੰਗ ਸਟੇਸ਼ਨਾਂ ’ਤੇ ਆਪਣੇ ਵੋਟ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ 2,34,525 ਪੁਰਸ਼ ਅਤੇ 2,13,995 ਮਹਿਲਾ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕੀਤੀ ਹੈ ਜਦੋਂਕਿ ਤੀਜੇ ਜੈਂਡਰ ਦੇ 27 ਵੋਟਰਾਂ ਵੱਲੋਂ ਆਪਣੇ ਵੋਟ ਦੀ ਵਰਤੋਂ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਤਿਆਰੀ ਖਿੱਚੀ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਦੀਆਂ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਖਿੱਚ ਲਈਆਂ ਹਨ। ਚੋਣ ਅਧਿਕਾਰੀਆਂ ਨੇ ਵੋਟਾਂ ਦੀ ਗਿਣਤੀ ਸਮੇਂ ਬੈਠਣ ਵਾਲੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਦੀਆਂ ਸੂਚੀਆਂ ਮੰਗ ਲਈਆਂ ਹਨ, ਜਿਨ੍ਹਾਂ ਦੇ ਸ਼ਨਾਖਤੀ ਕਾਰਡ ਤਿਆਰ ਕੀਤੇ ਜਾਣਗੇ। ਵੋਟਾਂ ਦੀ ਗਿਣਤੀ ਸਮੇਂ ਸਿਰਫ਼ ਸ਼ਨਾਖਤੀ ਕਾਰਡ ਵਾਲਿਆਂ ਨੂੰ ਹੀ ਅੰਦਰ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.