ਖਾਦਾਂ ਦੀ ਸੰਤੁਲਤ ਵਰਤੋਂ ਸਬੰਧੀ ਮੁਨਸ਼ੀਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ
ਦਿੜ੍ਹਬਾ, 2 ਜੁਲਾਈ 2026 : ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ (P. A. U. Farm Advisory Service Center) ਸੰਗਰੂਰ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਪਿੰਡ ਮੁਨੀਸ਼ੀਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ (Farmer Training Camp) ਆਯੋਜਿਤ ਕੀਤਾ ਗਿਆ ।
ਕਿੰਨੇ ਕਿਸਾਨਾਂ ਨੇ ਲਿਆ ਕੈਂਪ ਵਿਚ ਭਾਗ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (Punjab Agricultural University Ludhiana) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੋ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵਲੋਂ ਮਿੱਟੀ ਦੀ ਸਿਹਤ ਸੰਭਾਲ, ਖੇਤੀ ਲਾਗਤ ਘਟਾਉਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਲ ਅਤੇ ਰਸਾਇਣਿਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਪਿੰਡ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਦੇ ਵਿਚ 30 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ । ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ ਅਧਾਰਿਤ ਖਾਦ ਪ੍ਰਬੰਧਨ, ਝੋਨੇ ਅਤੇ ਬਾਸਮਤੀ ਦੀ ਪੌਦ ਲਈ ਜੀਵਾਣੂ ਖਾਦਾਂ ਦੇ ਟੀਕਿਆਂ ਦੀ ਮਹੱਤਤਾ ਅਤੇ ਝੋਨੇ ਵਿੱਚ ਫਾਸਫੋਰਸ ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਸਬੰਧੀ ਵਿਗਿਆਨਕ ਜਾਣਕਾਰੀ ਦਿੱਤੀ ਗਈ ।
ਸੀਨੀਅਰ ਪਸਾਰ ਵਿਗਿਆਨੀ ਨੇ ਦਿੱਤੀ ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਸਬੰਧੀ ਜਾਣਕਾਰੀ
ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੂਣੇ ਪਾਣੀ, ਜ੍ਹਿਨਾਂ ਵਿੱਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ, ਨੂੰ ਲਗਾਤਾਰ ਵਰਤਣ ਨਾਲ ਜ਼ਮੀਨ ਦੀ ਸਿਹਤ ਘਟਦੀ ਹੈ। ਅਜਿਹੇ ਪਾਣੀਆਂ ਨੂੰ ਕੁਝ ਹੱਦ ਤੱਕ ਨਹਿਰੀ ਪਾਣੀ ਨਾਲ ਰਲਾ ਕੇ ਵਰਤਿਆ ਜਾ ਸਕਦਾ ਹੈ । ਦੂਜੇ ਪਾਸੇ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਪਾਣੀਆਂ ਨੂੰ ਜਿਪਸਮ ਪਾ ਕੇ ਵਰਤਿਆ ਜਾ ਸਕਦਾ ਹੈ। ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਟਿਊਬਵੈੱਲ ਦੇ ਪਾਣੀ ਦੀ ਜਾਂਚ ਮਿੱਟੀ-ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਕਰਵਾਈ ਜਾਏ ਤਾਂ ਕਿ ਇਹ ਪਤਾ ਲੱਗ ਸਕੇ ਇਸ ਵਿੱਚ ਕਿਹੜੀ ਅਤੇ ਕਿੰਨੀ ਖ਼ਰਾਬੀ ਹੈ ।
ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ : ਡਾ. ਗਰਗ
ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ (Crop production) ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ. ਏ. ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ । ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ । ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ।
ਕੈਂਪ ਵਿਚ ਕੀਤੀ ਗਈ ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ
ਜੈਵਿਕ ਖਾਦਾਂ (Organic fertilizers) ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਦਾ ਟੀਕਾ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ ।
ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਗਿਆਨ ਢੰਗ ਨਾਲ ਦਿੱਤੇ ਗਏ
ਕੈਂਪ ਦੀ ਸਫਲਤਾ ਵਿੱਚ ਸ. ਸੰਦੀਪ ਸਿੰਘ, ਅਮਰਜੀਤ ਸਿੰਘ (ਸਾਬਕਾ ਸਰਪੰਚ), ਅੰਮ੍ਰਿਤਪਾਲ ਸਿੰਘ (ਸਰਪੰਚ), ਸ. ਜੋਗਾ ਸਿੰਘ, ਸ. ਲਖਵਿੰਦਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ । ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ । ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ ।
