
ਹੜ੍ਹਾਂ ਵਾਂਗ ਪਰਾਲੀ ਪ੍ਰਬੰਧਨ 'ਚ ਸਹਿਯੋਗ ਕਰਨ ਕਿਸਾਨ ਭਰਾ : ਡੀ. ਸੀ.
- by Jasbeer Singh
- September 17, 2025

ਹੜ੍ਹਾਂ ਵਾਂਗ ਪਰਾਲੀ ਪ੍ਰਬੰਧਨ 'ਚ ਸਹਿਯੋਗ ਕਰਨ ਕਿਸਾਨ ਭਰਾ : ਡੀ. ਸੀ. -ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ -ਐਸ. ਡੀ. ਐਮਜ਼. ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ -ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧ -ਪਿਛਲੇ ਸਾਲ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ 'ਚ ਕੀਤੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਚ ਆਈ ਵੱਡੀ ਕਮੀ -ਡੀ. ਸੀ. ਨੇ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਵੱਲੋਂ ਹੜ੍ਹਾਂ 'ਚ ਸਹਿਯੋਗ ਲਈ ਧੰਨਵਾਦ ਕਰਕੇ ਵਾਤਾਵਰਣ ਬਚਾਉਣ ਲਈ ਵੀ ਸਾਥ ਮੰਗਿਆ ਪਟਿਆਲਾ, 17 ਸਤੰਬਰ 2025 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਭਰਾ ਹੜ੍ਹਾਂ ਵਿੱਚ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਲਈ ਆਪ ਮੁਹਾਰੇ ਅੱਗੇ ਆਏ ਹਨ, ਇਸੇ ਤਰ੍ਹਾਂ ਪਰਾਲੀ ਪ੍ਰਬੰਧਨ ਲਈ ਵੀ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਬਹੁਮੁੱਲਾ ਯੋਗਦਾਨ ਪਾਉਣ। ਉਹ ਅੱਜ ਐਸ. ਐਸ. ਪੀ. ਵਰੁਣ ਸ਼ਰਮਾ ਨਾਲ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਐਸ. ਡੀ. ਐਮਜ਼ ਤੇ ਡੀ. ਐਸ. ਪੀਜ਼ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਬੈਠਕ ਕਰ ਰਹੇ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ਐਸ. ਡੀ. ਐਮਜ਼. ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਹੇਠਲੇ ਪੱਧਰ 'ਤੇ ਰਾਬਤਾ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਤ ਆਪਣੇ ਅਧੀਨ ਪੈਂਦੇ ਖੇਤਰ ਵਿੱਚ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਨੂੰ ਯਕੀਨੀ ਬਣਾਉਣ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਿਛਲੇ ਸਾਲ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ, ਜਿਸ ਸਦਕਾ ਪਹਿਲਾ ਹਾਟਸਪਾਟ ਜ਼ਿਲ੍ਹਿਆਂ 'ਚ ਗਿਣੇ ਜਾਂਦੇ ਪਟਿਆਲਾ 'ਚ 500 ਤੋਂ ਵੀ ਘੱਟ ਕੇਸ ਸਾਹਮਣੇ ਆਏ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਓ. ਪੀ. ਡੀ. ਦਾ ਡਾਟਾ ਵੀ ਇਹ ਹੀ ਦਰਸਾਉਂਦਾ ਹੈ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਘੱਟਣ ਸਦਕਾ ਬੱਚਿਆਂ ਤੇ ਬਜ਼ੁਰਗਾਂ ਨੂੰ ਸਾਹ, ਖੰਘ ਵਰਗੀਆਂ ਪਰੇਸ਼ਾਨੀ ਦਾ ਘੱਟ ਸਾਹਮਣਾ ਕਰਨਾ ਪਿਆ ਹੈ । ਉਨ੍ਹਾਂ ਕਿਹਾ ਕਿ ਇਸ ਸਾਲ ਜਿਥੇ ਮਸ਼ੀਨਰੀ ਵਿੱਚ ਵੀ ਵਾਧਾ ਕੀਤਾ ਗਿਆ ਹੈ, ਉਥੇ ਹੀ ਪਰਾਲੀ ਦਾ ਨਿਪਟਾਰਾ ਕਰਨ ਵਾਲੀ ਇੰਡਸਟਰੀ ਵੀ ਵਧੀ ਹੈ, ਜਿਸ ਸਦਕਾ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਨਹੀਂ ਆਉਣਗੀਆਂ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧ ਸਬੰਧੀ ਜਾਗਰੂਕ ਕਰਨ ਅਤੇ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ । ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਤੇ ਡੀ. ਐਸ. ਪੀਜ਼ ਆਪਣੀਆਂ ਸਬ-ਡਵੀਜ਼ਨਾਂ ਅੰਦਰ ਫੀਲਡ 'ਚ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ । ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਹੜ੍ਹਾਂ 'ਚ ਸਹਿਯੋਗ ਕੀਤਾ ਗਿਆ ਹੈ, ਉਸੇ ਤਰ੍ਹਾਂ ਵਾਤਾਵਰਣ ਬਚਾਉਣ ਲਈ ਵੀ ਸਾਥ ਦੇਣ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਕੇ ਜਾਈਏ । ਇਸ ਮੌਕੇ ਐਸ. ਪੀ. ਵੈਭਵ ਚੌਧਰੀ, ਏ. ਡੀ. ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ. ਡੀ. ਸੀ. (ਜ) ਸਿਮਰਪ੍ਰੀਤ ਕੌਰ ਤੇ ਏ. ਡੀ. ਸੀ. (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ. ਡੀ. ਐਮ. ਹਰਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।