 
                                              
                              ਪਰਾਲੀ ਪ੍ਰਬੰਧਨ 'ਚ ਸਹਿਯੋਗ ਕਰਨ ਕਿਸਾਨ : ਰਾਹੁਲ ਚਾਬਾ ਐਸ. ਡੀ. ਐਮਜ਼. ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ ਸੰਗਰੂਰ, 18 ਸਤੰਬਰ 2025 : ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣਾ ਹਿਤ ਕਿਸਾਨ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰ ਕੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਬਹੁਮੁੱਲਾ ਯੋਗਦਾਨ ਪਾਉਣ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮਜ਼ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਹੇਠਲੇ ਪੱਧਰ 'ਤੇ ਰਾਬਤਾ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਸਮੇਤ ਆਪਣੇ ਅਧੀਨ ਪੈਂਦੇ ਖੇਤਰ ਵਿੱਚ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਜਿਥੇ ਪਰਾਲੀ ਪ੍ਰਬੰਧਨ ਮਸ਼ੀਨਰੀ ਵਿੱਚ ਵੀ ਵਾਧਾ ਕੀਤਾ ਗਿਆ ਹੈ, ਉਥੇ ਹੀ ਪਰਾਲੀ ਦਾ ਨਿਪਟਾਰਾ ਕਰਨ ਵਾਲੀ ਇੰਡਸਟਰੀ ਵੀ ਵਧੀ ਹੈ, ਜਿਸ ਸਦਕਾ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਿਫਰ ਕੀਤੀਆਂ ਜਾ ਸਕਦੀਆਂ ਹਨ । ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਅਤੇ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਤੇ ਹੋਰ ਅਧਿਕਾਰੀ ਆਪਣੀਆਂ ਸਬ-ਡਵੀਜ਼ਨਾਂ ਅੰਦਰ ਫੀਲਡ 'ਚ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਕਿਸਾਨ ਵਾਤਾਵਰਨ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਐੱਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸ. ਡੀ. ਐਮ. ਭਵਾਨੀਗੜ੍ਹ ਮਨਜੀਤ ਕੌਰ, ਐੱਸ. ਡੀ. ਐਮ. ਧੂਰੀ ਰਿਸ਼ਭ ਬਾਂਸਲ, ਸਹਾਇਕ ਕਮਿਸ਼ਨਰ ਲਵਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                          
 
                      
                      
                      
                      
                     