
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253
- by Jasbeer Singh
- January 7, 2025

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 904253 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ ਸੰਗਰੂਰ, 7 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾ ਕੀਤੀ ਗਈ । ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ. ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ) ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਹੋਈ ਮੀਟਿੰਗ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 904253 ਵੋਟਰ ਹੋ ਗਏ ਹਨ ਜਿਨ੍ਹਾਂ ਵਿੱਚ 477171 ਮਰਦ, 427060 ਔਰਤ ਵੋਟਰ ਅਤੇ 22 ਟਰਾਂਸਜੈਂਡਰ ਵੋਟਰ ਸ਼ਾਮਿਲ ਹਨ । ਉਹਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1006 ਹੀ ਹੈ । ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀਆਂ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ । ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ । ਉਹਨਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਬੀ. ਐਲ. ਓ. ਕੋਲ ਜਾਂ ਐੱਸ. ਡੀ. ਐੱਮ. ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਉੱਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ ਅਤੇ ਜੇਕਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ । ਉਹਨਾਂ ਦੱਸਿਆ ਕਿ ਜੇਕਰ ਕਿਸੇ ਵੀ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.